ਕਪੂਰਥਲਾ, 26 ਜੂਨ (ਵਿ.ਪ੍ਰ.)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਅਣਗੌਲਿਆ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧਾ ਟਕਰਾਅ ਦਾ ਰਾਹ ਅਖ਼ਤਿਆਰ ਕੀਤਾ ਹੈ, ਜੋ ਬਹੁਤ ਹੀ ਮੰਦਭਾਗਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਖੋਜੇਵਾਲ ਪ੍ਰਧਾਨ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਕਪੂਰਥਲਾ ਨੇ ਇਕ ਬਿਆਨ ਵਿਚ ਕੀਤਾ | ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਸ ਵੀ ਵਿਅਕਤੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਨੌਤੀ ਦਿੱਤੀ ਹੈ, ਉਹ ਨਾ ਪੰਥ ਵਿਚ ਸਤਿਕਾਰ ਹਾਸਲ ਕਰ ਸਕਿਆ ਤੇ ਨਾ ਹੀ ਇਤਿਹਾਸ ਵਿਚ ਉਨ੍ਹਾਂ ਨੂੰ ਕੋਈ ਬਣਦਾ ਸਨਮਾਨ ਮਿਲਿਆ | ਭਾਜਪਾ ਆਗੂ ਨੇ ਕਿਹਾ ਕਿ ਸੱਤਾ ਦਾ ਨਸ਼ਾ ਅਸਥਾਈ ਹੁੰਦਾ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਸਦੀਵੀ ਹੈ | ਉਨ੍ਹਾਂ ਕਿਹਾ ਕਿ ਹਰਿਆਣਾ ਦੇ ਗੁਰੂ ਗ੍ਰਾਮ ਵਿਚ ਦਰਜ ਹੋਈ ਐਫ.ਆਈ.ਆਰ. ਨੇ ਪੰਜਾਬ ਸਰਕਾਰ ਤੇ ਉਨ੍ਹਾਂ ਦੇ ਕੁੱਝ ਅਧਿਕਾਰੀਆਂ ਵਲੋਂ ਫੋਰੈਂਸਿਕ ਰਿਪੋਰਟ ਦੇ ਆਧਾਰ ‘ਤੇ ਕੀਤੇ ਗਏ ਦਾਅਵੇ ਦੀ ਸੱਚਾਈ ਨੂੰ ਬੇਨਕਾਬ ਕੀਤਾ ਹੈ | ਉਨ੍ਹਾਂ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਪਾਲਣਾ ਕਰਦੇ ਹੋਏ ਪੰਥਕ ਅਨੁਸ਼ਾਸਨ ਨੂੰ ਕਾਇਮ ਰੱਖੇ ਤੇ ਗੁਰੂ ਘਰ ਦੀਆਂ ਮਰਿਆਦਾ ਨੂੰ ਚੁਨੌਤੀ ਦੇਣ ਵਾਲੀਆਂ ਤਾਕਤਾਂ ਨੂੰ ਮੂੰਹ ਨਾ ਲਗਾਉਣ | ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਸਿੱਖ ਇਤਿਹਾਸ ਤੋਂ ਸਬਕ ਲੈ ਕੇ ਆਪਣੀਆਂ ਗ਼ਲਤੀਆਂ ਦਾ ਅਹਿਸਾਸ ਕਰਕੇ ਤੁਰੰਤ ਅਸਤੀਫ਼ਾ ਦੇਣ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅੱਗੇ ਸਿਰ ਨਿਵਾਉਣ |