ਫਗਵਾੜਾ, 28 ਜੂਨ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਨਜ਼ਦੀਕੀ ਪਿੰਡ ਖਲਵਾੜਾ ਵਿਖੇ ਇੱਕ ਨੌਜਵਾਨ ਵੱਲੋਂ ਆਪਣੇ ਸਾਥੀਆਂ ਨਾਲ ਆਪਣੇ ਗੁਆਂਢੀ ਦੇ ਘਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਪੀੜਤ ਗੁਰਨਾਮ ਸਿੰਘ ਤੇ ਉਸ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਸ ਦੇ ਗੁਆਂਢ ਰਹਿਣ ਵਾਲੇ ਇੱਕ ਨੌਜਵਾਨ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅਚਾਨਕ ਹੀ ਦੇਰ ਰਾਤ ਸਾਡੇ ਘਰ ‘ਤੇ ਹਮਲਾ ਕਰ ਦਿੱਤਾ ਤੇ ਗੰਡਾਸਿਆਂ ਨਾਲ ਸਾਡੇ ਘਰ ਦੇ ਗੇਟ ਤੇ ਅੰਦਰ ਬਾਹਰ ਤੋੜ ਭੰਨ ਕੀਤੀ ਤੇ ਇੱਟਾਂ ਰੋੜੇ ਚਲਾਉਣੇ ਸ਼ੁਰੂ ਕਰ ਦਿੱਤੇ, ਜਿਸ ਦੇ ਚੱਲਦਿਆਂ ਉਸ ਦੇ ਦੋ ਲੜਕੇ ਤੇ ਇੱਕ ਗੁਆਂਢੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਜ਼ਖਮੀਆਂ ਦੀ ਪਛਾਣ ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ ਤੇ ਹਰਜੀਤ ਸਿੰਘ ਵਜੋਂ ਹੋਈ ਹੈ | ਪੀੜਤ ਨੇ ਦੱਸਿਆ ਕਿ ਹਮਲਾਵਰ ਉਸ ਦੇ ਭਰਾ ਦਾ ਪੋਤਾ ਹੈ | ਘਟਨਾ ਸਬੰਧੀ ਪੁਲੀਸ ਨੂੰ ਸੂਚਨਾ ਦਿੱਤੀ ਗਈ ਤੇ ਪੁਲੀਸ ਵਲੋਂ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੀੜਤ ਪਰਿਵਾਰ ਨੇ ਦੱਸਿਆ ਕਿ ਲੜਾਈ ਦਾ ਕਾਰਨ ਸਾਡੀਆਂ ਲੜਕੀਆਂ ਜਦੋਂ ਬਾਹਰ ਜਾਂਦੀਆਂ ਹਨ ਤਾਂ ਉਕਤ ਨੌਜਵਾਨ ਉਨ੍ਹਾਂ ਨੂੰ ਆਉਂਦੇ -ਜਾਂਦੇ ਛੇੜਛਾੜ ਕਰਦੇ ਹਨ, ਜਿਨ੍ਹਾਂ ਨੂੰ ਰੋਕਣ ‘ਤੇ ਇਨ੍ਹਾਂ ਹਮਲਾ ਕੀਤਾ ਹੈ | ਦੂਸਰੇ ਪਾਸੇ ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ‘ਚ ਕੈਦ ਹੋ ਗਈ |