ਕਪੂਰਥਲਾ, 29 ਜੂਨ (ਅਮਰਜੀਤ ਕੋਮਲ)-ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 1 ਜੁਲਾਈ ਦਿਨ ਬੁੱਧਵਾਰ ਨੂੰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਚ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੇ ਸਬੰਧ ਵਿਚ 20 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ, ਜਿਨ੍ਹਾਂ ਦੇ ਭੋਗ 1 ਜੁਲਾਈ ਦਿਨ ਬੁੱਧਵਾਰ ਨੂੰ ਸਵੇਰੇ 8 ਵਜੇ ਪੈਣਗੇ | ਉਪਰੰਤ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦੀਵਾਨ ਸਜਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੇ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਵਾਲਿਆਂ ਨੇ ਦੱਸਿਆ ਕਿ ਅੱਜ ਗੁਰਦੁਆਰਾ ਸਾਹਿਬ ਵਿਚ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਰੱਖੇ ਗਏ 11 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਨ੍ਹਾਂ ਕਿਹਾ ਕਿ 1 ਜੁਲਾਈ ਨੂੰ ਹੋਣ ਵਾਲੇ ਗੁਰਮਤਿ ਸਮਾਗਮ ਵਿਚ ਸਿੱਖ ਪੰਥ ਦੇ ਮਹਾਨ ਰਾਗੀ, ਢਾਡੀ ਤੇ ਕਥਾਵਾਚਕ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ | ਉਨ੍ਹਾਂ ਕਿਹਾ ਕਿ ਸਮਾਗਮ ਵਿਚ ਉੱਘੇ ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸੰਸਥਾਵਾਂ ਦੇ ਆਗੂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣਗੇ | ਉਨ੍ਹਾਂ ਕਿਹਾ ਕਿ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਪੰਜ ਪਿਆਰਿਆਂ ਵਲੋਂ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ ਤੇ ਅੰਮਿ੍ਤ ਸੰਚਾਰ ਕਰਨ ਵਾਲੇ ਪ੍ਰਾਣੀਆਂ ਨੂੰ ਕਕਾਰ ਭੇਟਾਂ ਰਹਿਤ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਲੋਂ ਮੀਰੀ ਪੀਰੀ ਚੈਰੀਟੇਬਲ ਟਰੱਸਟ, ਸਮੂਹ ਪ੍ਰਵਾਸੀ ਭਰਾਵਾਂ, ਸਾਧ ਸੰਗਤ ਸੈਫਲਾਬਾਦ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਗੁਰਮਤਿ ਸਮਾਗਮ ਵਿਚ ਸ਼ਾਮਲ ਸੰਤ ਮਹਾਂਪੁਰਸ਼ਾਂ ਤੇ ਹੋਰ ਸ਼ਖ਼ਸੀਅਤਾਂ ਨੂੰ ਗੁਰੂ ਘਰ ਵਲੋਂ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਬਾਬਾ ਲੀਡਰ ਸਿੰਘ ਨੇ ਦੱਸਿਆ ਕਿ ਗੁਰਮਤਿ ਸਮਾਗਮ ਦੀ ਸਮਾਪਤੀ ‘ਤੇ ਮੀਰੀ ਪੀਰੀ ਗਤਕਾ ਅਖਾੜੇ ਵਲੋਂ ਸ਼ਸ਼ਤਰਬਾਜ਼ੀ ਦੇ ਜੌਹਰ ਦਿਖਾਏ ਜਾਣਗੇ ਤੇ ਇਸੇ ਦਿਨ ਹੀ ਭਾਈ ਘਨੱਈਆ ਜੀ ਸੇਵਕ ਦਲ ਲੁਧਿਆਣਾ ਵਲੋਂ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ | ਬਾਬਾ ਲੀਡਰ ਸਿੰਘ ਨੇ ਇਲਾਕੇ ਦੀਆਂ ਸੰਗਤਾਂ, ਪ੍ਰਵਾਸੀ ਭਾਰਤੀਆਂ ਤੇ ਹੋਰ ਸਾਧ ਸੰਗਤ ਨੂੰ ਗੁਰਮਤਿ ਸਮਾਗਮ ਵਿਚ ਸ਼ਾਮਲ ਹੋ ਕੇ ਆਪਣਾ ਜੀਵਨ ਸਫ਼ਲ ਬਣਾਉਣ ਲਈ ਕਿਹਾ |