ਸੁਲਤਾਨਪੁਰ ਲੋਧੀ, 30 ਜੂਨ (ਨਰੇਸ਼ ਹੈਪੀ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਮਹਾਂਰਾਸ਼ਟਰ ਸਰਕਾਰ ਵਲੋਂ ‘ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਐਕਟ 1956’ ਨੂੰ ਰੱਦ ਕਰਨ ਦੀ ਦਿੱਤੀ ਗਈ ਪ੍ਰਵਾਨਗੀ ‘ਤੇ ਸਖ਼ਤ ਪ੍ਰਤੀਕਰਮ ਕਰਦਿਆਂ ਕਿਹਾ ਕਿ ਵੱਖ-ਵੱਖ ਰਾਜਾਂ ‘ਚ ਸਿੱਖ ਕੌਮ, ਸਿੱਖ ਸੰਸਥਾਵਾਂ ਤੇ ਪਵਿੱਤਰ ਗੁਰਧਾਮਾਂ ਦੇ ਪ੍ਰਬੰਧਾਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ ਚੁਫੇਰਿਓਾ ਘੇਰਾਬੰਦੀ ਡੂੰਘੀ ਚਿੰਤਾ ਦਾ ਵਿਸ਼ਾ ਹੈ | ਸ੍ਰੀ ਚੀਮਾ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਇਤਿਹਾਸਕ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ 70 ਸਾਲ ਪੁਰਾਣੇ ਕਾਨੂੰਨੀ ਚੌਖਟੇ ਨੂੰ ਤੋੜ ਕੇ ਪ੍ਰਬੰਧਕੀ ਬੋਰਡ ਨੂੰ ਭੰਗ ਕਰਨਾ ਅਤੇ ਨਵਾਂ ਕਾਨੂੰਨ ਲਿਆਉਣਾ ਭਾਜਪਾ ਦੀ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਸਰਕਾਰੀ ਦਖ਼ਲਅੰਦਾਜ਼ੀ ਹੈ ਜਿਸ ਨੂੰ ਸਿੱਖ ਕੌਮ ਵੱਲੋਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ | ਕਾਂਗਰਸ ਦੇ ਹਲਕਾ ਇੰਚਾਰਜ ਸ੍ਰੀ ਨਵਤੇਜ ਸਿੰਘ ਚੀਮਾ ਨੇ ਦੇਸ਼ ਵਿਦੇਸ਼ ਦੇ ਸਿੱਖਾਂ ਨੂੰ ਇਹਨਾਂ ਚਾਲਾਂ ਤੋਂ ਸੁਚੇਤ ਹੋਣ ਦੀ ਅਪੀਲ ਕਰਦੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਅਤੇ ਪੰਜ ਪਿਆਰੇ ਸਾਹਿਬਾਨ ਵਲੋਂ ‘ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਐਕਟ 1956’ ਨੂੰ ਰੱਦ ਕਰਨ ਦੀ ਮਹਾਂਰਾਸ਼ਟਰ ਸਰਕਾਰ ਵੱਲੋਂ ਦਿੱਤੀ ਗਈ ਪ੍ਰਵਾਨਗੀ ਦੇ ਖ਼ਿਲਾਫ਼ ਰੋਸ ਪ੍ਰਗਟ ਕੀਤਾ ਹੈ ਤੇ ਸਮੁੱਚੀ ਸਿੱਖ ਕੌਮ ਨੂੰ ਇਸ ਦਾ ਵਿਰੋਧ ਕਰਨ ਦਾ ਆਦੇਸ਼ ਦਿੱਤਾ ਹੈ | ਉਨ੍ਹਾਂ ਕੇਂਦਰ ਤੇ ਮਹਾਰਾਸ਼ਟਰ ਸਰਕਾਰ ਨੂੰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਲਈ ਬਣੇ 1956 ਦੇ ਐਕਟ ਵਿਚ ਕਿਸੇ ਵੀ ਤਰ੍ਹਾਂ ਦੀ ਸੋਧ ਨਾ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਤੁਰੰਤ ਦਖ਼ਲ ਦੇ ਕੇ ਆਦੇਸ਼ ਦੇਣਾ ਚਾਹੀਦਾ ਹੈ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਦਖ਼ਲ ਅੰਦਾਜ਼ੀ ਨਾ ਕੀਤੀ ਜਾਵੇ | ਸ੍ਰੀ ਚੀਮਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਆਉਂਦੇ 24 ਘੰਟਿਆਂ ਦੇ ਅੰਦਰ-ਅੰਦਰ ਬਿਜਲੀ ਦੀ ਸਪਲਾਈ ਨਿਰਵਿਘਨ ਅਤੇ ਹਦਾਇਤਾਂ ਮੁਤਾਬਿਕ ਚਾਲੂ ਨਾ ਕੀਤੀ ਗਈ ਤਾਂ ਉਹ ਕਾਂਗਰਸ ਵਰਕਰਾਂ ਤੇ ਸਮੁੱਚੇ ਇਲਾਕੇ ਦੇ ਕਿਸਾਨਾਂ ਨਾਲ ਸੜਕਾਂ ‘ਤੇ ਜਾਮ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਉਨ੍ਹਾਂ ਨਾਲ ਬਲਵਿੰਦਰ ਸਿੰਘ ਬੰਬ ਅਮਰਜੀਤਪੁਰ, ਸਾਹਿਬ ਸਿੰਘ ਭੁੱਲਰ ਨੰਬਰਦਾਰ, ਜਗਪਾਲ ਸਿੰਘ ਚੀਮਾ ਸਾਬਕਾ ਪ੍ਰਧਾਨ, ਸੀਨੀਅਰ ਯੂਥ ਆਗੂ ਮੋਨੂੰ ਭੰਡਾਰੀ, ਨਰਿੰਦਰ ਸਿੰਘ ਪਨੂੰ ਪ੍ਰਧਾਨ ਸ਼ਹਿਰੀ ਕਾਂਗਰਸ, ਬਲਜਿੰਦਰ ਸਿੰਘ ਪੀ.ਏ, ਸੰਤੋਖ ਸਿੰਘ ਭਾਗੋਰਾਈਆਂ, ਸ਼ਿੰਦਰ ਸਿੰਘ ਸਾਬਕਾ ਸਰਪੰਚ ਬੂਸੋਵਾਲ ਆਦਿ ਹੋਰ ਹਾਜ਼ਰ ਸਨ |