ਫਗਵਾੜਾ, 30 ਜੂਨ (ਹਰਜੋਤ ਸਿੰਘ ਚਾਨਾ)-ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ‘ਚ ਲਗਾਤਾਰ ਗਹਿਰਾ ਰਹੇ ਬਿਜਲੀ ਸੰਕਟ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜਿਸ ਸਰਕਾਰ ਨੇ 24 ਘੰਟੇ ਨਿਰਵਿਘਨ ਬਿਜਲੀ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਅੱਜ ਉਸੇ ਸਰਕਾਰ ਦੇ ਰਾਜ ‘ਚ ਕਿਸਾਨ, ਉਦਯੋਗਪਤੀ, ਵਪਾਰੀ ਅਤੇ ਆਮ ਖਪਤਕਾਰ ਘੰਟਿਆਂ ਬਿਜਲੀ ਕੱਟਾਂ ਦਾ ਸਾਹਮਣਾ ਕਰਨ ਲਈ ਮਜਬੂਰ ਹਨ ਤੇ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਦੇ ਵਾਅਦੇ ਤੋਂ ਵੀ ਸਰਕਾਰ ਮੁੱਕਰ ਗਈ ਹੈ | ਇਸੇ ਕਾਰਨ ਅੱਜ ਕਿਸਾਨਾਂ ਨੂੰ ਬਿਜਲੀ ਕੱਟਾਂ ਦੇ ਵਿਰੋਧ ਵਿਚ ਸੜਕਾਂ ‘ਤੇ ਉੱਤਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਹਾਲਾਤ ਇੰਨੇ ਗੰਭੀਰ ਹੋ ਚੁੱਕੇ ਹਨ ਕਿ ਆਉਣ ਵਾਲੇ ਦਿਨਾਂ ‘ਚ ਫ਼ੈਕਟਰੀਆਂ ਤੱਕ ਬੰਦ ਕਰਨ ਦੀ ਨੌਬਤ ਆ ਸਕਦੀ ਹੈ | ਬਿਜਲੀ ਮੁਲਾਜ਼ਮ ਹੜਤਾਲ ‘ਤੇ ਹਨ ਤੇ ਲੋਕਾਂ ਨੂੰ ਔਸਤ ਆਧਾਰ ‘ਤੇ ਬਿਜਲੀ ਦੇ ਬਿੱਲ ਭੇਜੇ ਜਾ ਰਹੇ ਹਨ | ਪੰਜਾਬ ‘ਚ ਇਸ ਵੇਲੇ ਬਿਜਲੀ ਦੀ ਮੰਗ ਰਿਕਾਰਡ ਪੱਧਰ ‘ਤੇ ਪਹੁੰਚ ਚੁੱਕੀ ਹੈ | ਹਾਲੀਆ ਦਿਨਾਂ ‘ਚ ਸੂਬੇ ਦੀ ਬਿਜਲੀ ਲੋੜ ਲਗਭਗ 16,940 ਮੈਗਾਵਾਟ ਤੱਕ ਪਹੁੰਚ ਗਈ, ਜਦਕਿ ਕਈ ਖੇਤਰਾਂ ‘ਚ ਬਿਨ੍ਹਾਂ ਯੋਜਨਾ ਵਾਲੇ ਬਿਜਲੀ ਕੱਟਾਂ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ | ਉਨ੍ਹਾਂ ਮੰਗ ਕੀਤੀ ਕਿ ਬਿਜਲੀ ਸੰਕਟ ‘ਤੇ ਇੱਕ ਵਾਈਟ ਪੇਪਰ ਜਾਰੀ ਕੀਤਾ ਜਾਵੇ | ਮਹਿੰਗੀ ਬਿਜਲੀ ਦੀ ਖ਼ਰੀਦ ਬਾਰੇ ਪੂਰੀ ਜਾਣਕਾਰੀ ਜਨਤਕ ਕੀਤੀ ਜਾਵੇ | ਸਾਰੇ ਥਰਮਲ ਪਲਾਂਟਾਂ ਦੀ ਸਮਰੱਥਾ ਦਾ ਪੂਰਾ ਇਸਤੇਮਾਲ ਯਕੀਨੀ ਬਣਾਇਆ ਜਾਵੇ | ਕਿਸਾਨਾਂ, ਉਦਯੋਗਾਂ ਤੇ ਘਰੇਲੂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਬਿਜਲੀ ਸੰਕਟ ਸਿਰਫ਼ ਉਤਪਾਦਨ ਤੱਕ ਸੀਮਤ ਨਹੀਂ ਹੈ, ਸਗੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਵੀ ਵਿੱਤੀ ਦਬਾਅ ਦਾ ਸਾਹਮਣਾ ਕਰ ਰਿਹਾ ਹੈ |