ਕਪੂਰਥਲਾ, 30 ਜੂਨ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਸੰਭਾਵਿਤ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਫੌਜ, ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਬਲਾਂ ਨੂੰ ਤਿਆਰੀ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਲੋੜ ਪੈਣ ‘ਤੇ ਫੌਜ ਦੀਆਂ ਟੀਮਾਂ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਵਿਚ ਤੁਰੰਤ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਰਾਹਤ ਅਤੇ ਬਚਾਅ ਕਾਰਜਾਂ ਵਿਚ ਸਹਿਯੋਗ ਦੇ ਸਕਣ | ਇਹ ਗੱਲ ਰਵਿੰਦਰ ਸਿੰਘ ਅਰੋੜਾ ਸਹਾਇਕ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸੰਭਾਵੀ ਹੜ੍ਹਾਂ ਨੂੰ ਮੱਦੇਨਜ਼ਰ ਰੱਖਦਿਆਂ ਕੀਤੀਆਂ ਗਈਆਂ ਤਿਆਰੀਆਂ ਦੀ ਸਮੀਖਿਆ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਸਾਰੇ ਵਿਭਾਗਾਂ ਨੂੰ ਸਮੇਂ ਸਿਰ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰਨੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਹਤ ਅਤੇ ਬਚਾਅ ਕਾਰਜਾਂ ਲਈ ਲੋੜੀਂਦੇ ਸਾਧਨਾਂ ਅਤੇ ਮਨੁੱਖੀ ਸਰੋਤਾਂ ਦੀ ਉਪਲਬੱਧਤਾ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤੇ ਇਸ ਦਿਸ਼ਾ ਵਿਚ ਫੌਜ ਦਾ ਸਹਿਯੋਗ ਬਹੁਤ ਮਹੱਤਵਪੂਰਨ ਰਹੇਗਾ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਖੇਤਰਾਂ ਵਿਚ ਲਾਈਫ ਜੈਕੇਟ ਰੇਤ ਦੀਆਂ ਬੋਰੀਆਂ, ਕਿਸ਼ਤੀਆਂ ਤੇ ਤਜ਼ਰਬੇਕਾਰ ਮਲਾਹਾਂ ਦੀ ਉਪਲਬੱਧਤਾ ਯਕੀਨੀ ਬਣਾਉਣ | ਰਵਿੰਦਰ ਸਿੰਘ ਅਰੋੜਾ ਨੇ ਕਿਹਾ ਕਿ ਜਿਹੜੇ ਖੇਤਰਾਂ ਵਿਚ ਹੜ੍ਹ ਦਾ ਖ਼ਤਰਾ ਵੱਧ ਰਹਿੰਦਾ ਹੈ, ਉੱਥੇ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਸਥਾਰਿਤ ਅਤੇ ਮੁਕੰਮਲ ਮੈਪਿੰਗ ਕੀਤੀ ਜਾਵੇ ਤਾਂ ਜੋ ਸੰਭਾਵਿਤ ਖਤਰੇ ਵਾਲੇ ਸਥਾਨਾਂ ਦੀ ਸ਼ਨਾਖ਼ਤ ਕਰਕੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕਰ ਲਏ ਜਾਣ | ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜਾਂ ਲਈ ਲੋੜੀਂਦੇ ਮਨੁੱਖੀ ਬੱਲ ਤੇ ਸਾਧਨਾਂ ਦੇ ਪ੍ਰਬੰਧ ਲਈ ਵੱਖ-ਵੱਖ ਇੰਚਾਰਜ ਨਿਯੁਕਤ ਕੀਤੇ ਜਾਣ ਤਾਂ ਜੋ ਕਿਸੇ ਵੀ ਹੰਗਾਮੀ ਹਾਲਾਤ ਵਿਚ ਤੁਰੰਤ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ | ਸਹਾਇਕ ਕਮਿਸ਼ਨਰ ਨੇ ਕਿਹਾ ਕਿ ਹੜ੍ਹ ਸਬੰਧੀ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਚਾਲੂ ਕੀਤਾ ਜਾਵੇ ਤਾਂ ਜੋ ਲੋੜ ਪੈਣ ‘ਤੇ ਲੋਕਾਂ ਨੂੰ ਤੁਰੰਤ ਸਹਾਇਤਾ ਦਿੱਤੀ ਜਾ ਸਕੇ | ਉਨ੍ਹਾਂ ਸਪੱਸ਼ਟ ਕੀਤਾ ਕਿ ਹੜ੍ਹ ਦੌਰਾਨ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦਾ ਫੋਨ ਬੰਦ ਹੋਣ ਦੀ ਸਥਿਤੀ ਵਿਚ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਸਹਾਇਕ ਕਮਿਸ਼ਨਰ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਸ਼ੂ ਧੰਨ ਦੀ ਸਾਂਭ ਸੰਭਾਲ ਲਈ ਮਾਹਿਰ ਡਾਕਟਰਾਂ ਦੀਆਂ ਟੀਮਾਂ ਦਾ ਗਠਨ ਕਰਨ ਤਾਂ ਜੋ ਪਹਿਲਾਂ ਤੋਂ ਹੀ ਪਸ਼ੂ ਧੰਨ ਦਾ ਟੀਕਾਕਰਨ ਕੀਤਾ ਜਾ ਸਕੇ | ਮੀਟਿੰਗ ਵਿਚ ਡਰੇਨਜ਼ ਵਿਭਾਗ ਦੇ ਅਧਿਕਾਰੀਆ ਨੇ ਸਹਾਇਕ ਕਮਿਸ਼ਨਰ ਨੂੰ ਦੱਸਿਆ ਕਿ ਭੁਲੱਥ ਤੇ ਸੁਲਤਾਨਪੁਰ ਲੋਧੀ ਦੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਹਿਲਾਂ ਤੋਂ ਹੀ ਵਾਧੂ ਮਾਤਰਾ ਵਿਚ ਈ.ਸੀ. ਬੈਗ ਅਤੇ ਜੰਬੋ ਬੈਗ ਮੌਜੂਦ ਹਨ | ਇਸੇ ਤਰ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗ ਦੀਆਂ 27 ਮੈਡੀਕਲ ਟੀਮਾਂ ਪੂਰੀ ਤਰ੍ਹਾਂ ਤਿਆਰ ਹਨ ਤੇ ਮਰੀਜ਼ਾਂ ਦੇ 30 ਬੈੱਡਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕੋਲ ਬਰਸਾਤ ਜਾਂ ਹੜ੍ਹ ਦੇ ਦਿਨਾਂ ਵਿਚ ਹੋਣ ਵਾਲੀਆਂ ਬਿਮਾਰੀਆਂ, ਸੱਪ ਦੇ ਡੰਗਣ, ਹਲਕਾਅ ਤੇ ਹੋਰ ਜ਼ਰੂਰੀ ਵੈਕਸੀਨ ਦਾ ਸਟਾਕ ਵੀ ਮੌਜੂਦ ਹੈ ਤਾਂ ਜੋ ਲੋੜ ਪੈਣ ‘ਤੇ ਤੁਰੰਤ ਇਲਾਜ ਕੀਤਾ ਜਾ ਸਕੇ |