ਕਪੂਰਥਲਾ, 2 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਸੂਬਾਈ ਸੰਯੁਕਤ ਸਕੱਤਰ ਗੁਰਪਾਲ ਸਿੰਘ ਇੰਡੀਅਨ ਦੀ ਅਗਵਾਈ ਹੇਠ ਵਾਰਡ ਨੰਬਰ 49 ਦੇ ਸ਼ਹੀਦ ਭਗਤ ਸਿੰਘ ਨਗਰ ’ਚ ਇਕ ਵਿਸ਼ੇਸ਼ ਕੈਂਪ ਲਗਾ ਕੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਗਏ| ਫਾਰਮ ਭਰਨ ਤੋਂ ਬਾਅਦ ਉਨ੍ਹਾਂ ਨੂੰ ਆਨਲਾਈਨ ਪੋਰਟਲ ‘ਤੇ ਅੱਪਲੋਡ ਕੀਤਾ| ਗੁਰਪਾਲ ਸਿੰਘ ਇੰਡੀਅਨ ਨੇ ਦੱਸਿਆ ਕਿ ਇਸ ਸਕੀਮ ਨੂੰ ਸਫ਼ਲ ਬਣਾਉਣ ’ਚ ਪ੍ਰਸ਼ਾਸਨਿਕ ਅਧਿਕਾਰੀ, ਆਂਗਨਵਾੜੀ ਵਰਕਰ, ਮਹਿਲਾ ਸਤਿਕਾਰ ਸਖੀਆਂ ਯੋਗਦਾਨ ਪਾ ਰਹੀਆਂ ਹਨ| ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦੀਆਂ ਲਗਭਗ 52 ਲੱਖ ਔਰਤਾਂ ਨੂੰ ਲਾਭ ਮਿਲੇਗਾ| ਉਨ੍ਹਾਂ ਮਾਵਾਂ ਤੇ ਭੈਣਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕਿਸੇ ਵੀ ਤਰ੍ਹਾਂ ਦੀ ਕਾਹਲੀ ਨਾ ਕਰਨ, ਕਿਉਂਕਿ ਸਰਕਾਰ ਵਲੋਂ ਇਸ ਦੀ ਕੋਈ ਆਖ਼ਰੀ ਤਰੀਕ ਨਹੀਂ ਕੀਤੀ ਗਈ| ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਲਾਭਪਾਤਰੀ ਔਰਤ ਨੂੰ 1500 ਰੁਪਏ ਤੇ ਜਨਰਲ ਕੈਟਾਗਰੀ ਨਾਲ ਸੰਬੰਧਿਤ ਔਰਤ ਲਾਭਪਾਤਰੀ ਨੂੰ 1000 ਰੁਪਏ ਦਿੱਤੇ ਜਾਣਗੇ ਤੇ ਸਰਕਾਰ ਵਲੋਂ ਇਹ ਰਕਮ ਲਾਭਪਾਤਰੀਆਂ ਦੇ ਸਿੱਧੇ ਖਾਤੇ ਵਿਚ ਟਰਾਂਸਫ਼ਰ ਕੀਤੇ ਜਾ ਰਹੇ ਹਨ | ‘ਆਪ’ ਦੇ ਸੂਬਾਈ ਆਗੂ ਨੇ ਕਿਹਾ ਕਿ ਜਿਹੜੀਆਂ ਔਰਤਾਂ ਸਮਾਜਿਕ ਸੁਰੱਖਿਆ ਸਕੀਮ ਤਹਿਤ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਹਨ ਉਹ ਵੀ ਇਸ ਯੋਜਨਾ ਦਾ ਲਾਭ ਲੈਣ ਦੇ ਯੋਗ ਹਨ| ਉਨ੍ਹਾਂ ਕਿਹਾ ਕਿ ਯੋਜਨਾ ਲਈ ਰਜਿਸਟ੍ਰੇਸ਼ਨ ਆਂਗਣਵਾੜੀ ਕੇਂਦਰਾਂ, ਸੇਵਾ ਕੇਂਦਰਾਂ ਤੇ ਪ੍ਰਸ਼ਾਸਨ ਵਲੋਂ ਨਿਰਧਾਰਿਤ ਕੀਤੀਆਂ ਗਈਆਂ ਹੋਰ ਥਾਵਾਂ ‘ਤੇ ਕੀਤੀ ਜਾ ਰਹੀ ਹੈ|