ਭੁਲੱਥ, 3 ਜੁਲਾਈ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਵਲੋਂ ਇਕ ਵਿਅਕਤੀ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹੱਥ ਲੱਗੀ| ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ. ਆਈ. ਮਨਿੰਦਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਸ਼ਰਾਰਤੀ ਅਨਸਰਾਂ ’ਤੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਭੁਲੱਥ ਮੇਨ ਚੌਕ ’ਚ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੇ ਸਨ ਕਿ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਨਡਾਲਾ ਬੇਗੋਵਾਲ ਰੋਡ ਵੇਈਾ ਚੌਕ ਭੁਲੱਥ ਵਿਖੇ ਇਕ ਨੌਜਵਾਨ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦਾ ਹੈ| ਜਦੋਂ ਐਸ. ਆਈ. ਮਨਿੰਦਰਜੀਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਦੱਸੀ ਗਈ ਜਗ੍ਹਾ ‘ਤੇ ਰੇਡ ਕੀਤਾ ਗਿਆ ਤਾਂ ਇਕ ਖੜ੍ਹਾ ਨਜ਼ਰ ਆਇਆ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤਾਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਜਿਸ ਨੂੰ ਪੁਲਿਸ ਕਰਮਚਾਰੀਆਂ ਵਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂਅ ਰਾਜ ਕੁਮਾਰ ਪੁੱਤਰ ਹੰਸ ਰਾਜ ਵਾਸੀ ਭੁਲੱਥ ਜ਼ਿਲ੍ਹਾ ਕਪੂਰਥਲਾ ਦੱਸਿਆ, ਜਿਸ ਦੀ ਤਲਾਸ਼ੀ ਲੈਣ ਸਮੇਂ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ| ਉਕਤ ਵਿਅਕਤੀ ਖ਼ਿਲਾਫ਼ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ।