11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਬਰਸਾਤੀ ਡਰੇਨ ਦੀ ਸਫਾਈ ਨਾ ਹੋਣ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪ੍ਰਸ਼ਾਸਨ ਵਿਰੁੱਧ ਰੋਸ ਵਿਖਾਵਾ

Ad Position 21
No active advertisement
ਅਜੀਤ ਡੈਸਕ 05-07-2026

ਡਡਵਿੰਡੀ/ਸੁਲਤਾਨਪੁਰ ਲੋਧੀ, 4 ਜੁਲਾਈ (ਦਿਲਬਾਗ ਸਿੰਘ ਝੰਡ, ਨਰੇਸ਼ ਹੈਪੀ)-ਬਰਸਾਤੀ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਅਗਵਾਈ ਹੇਠ ਪਿੰਡ ਅਮਰਜੀਤ ਪੁਰ-ਗਿੱਲਾਂ ਨੇੜੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ| ਇਸ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਨੇ ਨਾਅਰੇਬਾਜ਼ੀ ਕਰਦਿਆਂ ਡਿਪਟੀ ਕਮਿਸ਼ਨਰ ਵਲੋਂ ਡਰੇਨੇਜ ਨਾਲਿਆਂ ਦੀ ਸਫ਼ਾਈ ਸੰਬੰਧੀ ਕੀਤੇ ਗਏ ਦਾਅਵਿਆਂ ਨੂੰ ਹਕੀਕਤ ਤੋਂ ਉਲਟ ਕਰਾਰ ਦਿੱਤਾ| ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਉਪ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਤੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਬੰਬ ਨੇ ਕਿਹਾ ਕਿ ਪ੍ਰਸ਼ਾਸਨ ਕਾਗਜ਼ਾਂ ’ਚ ਨਾਲਿਆਂ ਦੀ ਸਫ਼ਾਈ ਦੇ ਦਾਅਵੇ ਕਰ ਰਿਹਾ ਹੈ, ਜਦਕਿ ਜ਼ਮੀਨੀ ਹਕੀਕਤ ਇਹ ਹੈ ਕਿ ਡਰੇਨੇਜ ਨਾਲੇ ਅਜੇ ਵੀ ਝਾੜੀਆਂ, ਜੰਗਲੀ ਬੂਟਿਆਂ, ਗਾਰ ਤੇ ਮਿੱਟੀ ਨਾਲ ਭਰੇ ਪਏ ਹਨ| ਉਨ੍ਹਾਂ ਕਿਹਾ ਕਿ ਜੇਕਰ ਮੌਨਸੂਨ ਤੋਂ ਪਹਿਲਾਂ ਸਫ਼ਾਈ ਨਾ ਕਰਵਾਈ ਗਈ ਤਾਂ ਸੁਲਤਾਨਪੁਰ ਲੋਧੀ ਹਲਕੇ ਦੇ ਡੱਲਾ, ਅਮਰਜੀਤਪੁਰ, ਮੌਖੇ, ਤੋਤੀ, ਗਿੱਲਾਂ, ਫੌਜੀ ਕਾਲੋਨੀ, ਮਨਿਆਲਾ, ਤਾਸ਼ਪੁਰ, ਤਾਰਪੁਰ ਸਮੇਤ 30 ਤੋਂ ਵੱਧ ਪਿੰਡਾਂ ਵਿਚ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋਵੇਗੀ | ਇਸ ਕਾਰਨ ਹਜ਼ਾਰਾਂ ਏਕੜ ਖੇਤੀਬਾੜੀ ਵਾਲੀ ਜ਼ਮੀਨ ਵਿਚ ਪਾਣੀ ਭਰ ਸਕਦਾ ਹੈ ਅਤੇ ਫ਼ਸਲਾਂ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ| ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਕਈ ਪਿੰਡਾਂ ਵਿਚ ਪਾਣੀ ਭਰਨ ਨਾਲ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋਈਆਂ ਸਨ, ਪਰ ਇਸ ਦੇ ਬਾਵਜੂਦ ਪ੍ਰਸ਼ਾਸਨ ਨੇ ਕੋਈ ਸਬਕ ਨਹੀਂ ਲਿਆ| ਪ੍ਰਧਾਨ ਸਰਵਣ ਸਿੰਘ ਬਾਊਪੁਰ ਨੇ ਦੋਸ਼ ਲਗਾਇਆ ਕਿ ਨੈਸ਼ਨਲ ਹਾਈਵੇ ਦੇ ਠੇਕੇਦਾਰ ਵਲੋਂ ਪਿੰਡ ਗਿੱਲਾਂ ਨੇੜੇ ਡਰੇਨੇਜ ਨਾਲੇ ਵਿਚ ਬਿਨਾਂ ਕਿਸਾਨਾਂ ਨੂੰ ਜਾਣਕਾਰੀ ਦਿੱਤੇ ਪੁਲੀ ਦਾ ਨਿਰਮਾਣ ਕਰਕੇ ਰਸਤਾ ਤਿਆਰ ਕੀਤਾ ਜਾ ਰਿਹਾ ਹੈ| ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਬਰਸਾਤ ਦੇ ਦਿਨਾਂ ਵਿਚ ਪਾਣੀ ਦੀ ਨਿਕਾਸੀ ਰੁਕਣ ਦਾ ਖ਼ਤਰਾ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ | ਉਨ੍ਹਾਂ ਮੰਗ ਕੀਤੀ ਕਿ ਡਰੇਨੇਜ ਨਾਲਿਆਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ, ਪੁਲੀ ਦੇ ਨਿਰਮਾਣ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਪਾਣੀ ਦੀ ਨਿਕਾਸੀ ਨੂੰ ਹਰ ਹਾਲਤ ਵਿਚ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕਿਸੇ ਦੀ ਲਾਪ੍ਰਵਾਹੀ ਸਾਹਮਣੇ ਆਉਂਦੀ ਹੈ ਤਾਂ ਸੰਬੰਧਿਤ ਠੇਕੇਦਾਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ| ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਹੀ ਡਰੇਨੇਜ ਨਾਲਿਆਂ ਦੀ ਸਫ਼ਾਈ ਤੇ ਹੋਰ ਮੰਗਾਂ ‘ਤੇ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂ ਬਲਵਿੰਦਰ ਸਿੰਘ ਬੰਬ, ਕਿਸਾਨ ਆਗੂ ਪਰਮਜੀਤ ਸਿੰਘ ਪੱਕਾ ਕੋਠਾ, ਮਨਜੀਤ ਸਿੰਘ ਗਿੱਲ, ਨਿਰਮਲ ਸਿੰਘ, ਕੇਹਰ ਸਿੰਘ,ਅਵਤਾਰ ਸਿੰਘ, ਸਤਬੀਰ ਸਿੰਘ, ਦਵਿੰਦਰ ਸਿੰਘ, ਲਖਵਿੰਦਰ ਸਿੰਘ, ਇਕਬਾਲ ਸਿੰਘ, ਪ੍ਰੈੱਸ ਸਕੱਤਰ ਪੁਸ਼ਪਿੰਦਰ ਸਿੰਘ ਮੋਮੀ ਅਤੇ ਮਲਕੀਤ ਸਿੰਘ ਆਦਿ ਹਾਜ਼ਰ ਸਨ |
ਕੀ ਕਹਿੰਦੇ ਸੁਪਰਵਾਈਜ਼ਰ
ਦੂਜੇ ਪਾਸੇ ਪੁਲੀ ਦੇ ਨਿਰਮਾਣ ਕਾਰਜ ਦੀ ਨਿਗਰਾਨੀ ਕਰ ਰਹੇ ਸੁਪਰਵਾਈਜ਼ਰ ਜੈ ਗੋਪਾਲ ਨੇ ਕਿਸਾਨਾਂ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਡਰੇਨੇਜ ਨਾਲੇ ਵਿਚ ਬਣ ਰਹੀ ਪੁਲੀ ਵਿਭਾਗ ਤੋਂ ਵਿਧੀਵਤ ਮਨਜ਼ੂਰੀ ਲੈਣ ਤੋਂ ਬਾਅਦ ਹੀ ਬਣਾਈ ਜਾ ਰਹੀ ਹੈ| ਉਨ੍ਹਾਂ ਦੱਸਿਆ ਕਿ ਪਾਣੀ ਦੀ ਨਿਕਾਸੀ ਨੂੰ ਧਿਆਨ ਵਿਚ ਰੱਖਦੇ ਹੋਏ ਪੁਲੀ ਵਿਚ ਲੋੜੀਂਦੇ ਪਾਈਪ ਪਾਏ ਗਏ ਹਨ, ਤਾਂ ਜੋ ਬਰਸਾਤ ਦੌਰਾਨ ਪਾਣੀ ਦੇ ਵਹਾਅ ’ਚ ਕੋਈ ਰੁਕਾਵਟ ਨਾ ਆਵੇ | ਉਨ੍ਹਾਂ ਦਾ ਦਾਅਵਾ ਸੀ ਕਿ ਸਾਰਾ ਕੰਮ ਵਿਭਾਗੀ ਨਿਯਮਾਂ ਅਨੁਸਾਰ ਕੀਤਾ ਜਾ ਰਿਹਾ ਹੈ ਤੇ ਪਾਣੀ ਦੀ ਨਿਕਾਸੀ ਪ੍ਰਭਾਵਿਤ ਨਹੀਂ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਕਾਂਜਲੀ ਨੇੜੇ ਟਰੱਕ ਤੇ ਟਰੈਕਟਰ ਟਰਾਲੀ ਦੀ ਟੱਕਰ ’ਚ 7 ਵਿਅਕਤੀ ਜ਼ਖਮੀ, 2 ਦੀ ਹਾਲਤ ਗੰਭੀਰ ਅਗਲੀ ਖ਼ਬਰ ਗੁਰਦੁਆਰਾ ਬੜੂ ਸਾਹਿਬ ਵਿਖੇ ਸੰਤ ਬਾਬਾ ਤੇਜਾ ਸਿੰਘ ਦੀ ਬਰਸੀ ਉਤਸ਼ਾਹ ਨਾਲ ਮਨਾਈ
Ad Position 24