ਕਪੂਰਥਲਾ, 4 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਅੱਖੋਂ ਪਰੋਖੇ ਕਰਕੇ ਪੰਜਾਬ ਸਰਕਾਰ ਕੇਵਲ ਪ੍ਰਚਾਰ ‘ਤੇ ਲੱਗੀ ਹੋਈ ਹੈ ਤੇ ਆਉਣ ਵਾਲੇ ਸਮੇਂ ਵਿਚ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰ ਦੇਣਗੇ| ਇਹ ਗੱਲ ਐਚ. ਐਸ. ਵਾਲੀਆ ਹਲਕਾ ਇੰਚਾਰਜ ਸ਼ੋ੍ਮਣੀ ਅਕਾਲੀ ਦਲ (ਬ) ਕਪੂਰਥਲਾ ਨੇ ਇਕ ਬਿਆਨ ਵਿਚ ਕਹੀ| ਉਨ੍ਹਾਂ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਲਈ ਡਟ ਕੇ ਆਵਾਜ਼ ਬੁਲੰਦ ਕੀਤੀ ਹੈ, ਪਰ ਅੰਦਰੂਨੀ ਤੇ ਬਾਹਰੀ ਤਾਕਤਾਂ ਪਿਛਲੇ ਸਮੇਂ ਤੋਂ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਸੂਝਵਾਨ ਪੰਜਾਬੀ ਇਨ੍ਹਾਂ ਤਾਕਤਾਂ ਦੇ ਮਾੜੇ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਣਗੇ| ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਥ ਵਿਰੋਧੀ ਤੇ ਸ਼ੋ੍ਮਣੀ ਅਕਾਲੀ ਦਲ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿ ਕੇ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਬਾਦਲ ਨੂੰ ਸੱਤਾ ਵਿਚ ਲਿਆਉਣ ਤਾਂ ਜੋ ਪੰਜਾਬ ਵਿਚ ਵਿਕਾਸ ਦੀ ਗਤੀ ਨੂੰ ਹੋਰ ਤੇਜ਼ੀ ਨਾਲ ਅੱਗੇ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਦੀ ਸਰਕਾਰ ਦੇ ਰਾਜ ਦੌਰਾਨ ਮੁੱਖ ਮੰਤਰੀ ਵਲੋਂ ਸੰਗਤ ਦਰਸ਼ਨ ਕੀਤੇ ਜਾਂਦੇ ਸਨ ਤੇ ਇਨ੍ਹਾਂ ਸੰਗਤ ਦਰਸ਼ਨਾਂ ਵਿਚ ਵੱਖ-ਵੱਖ ਵਰਗਾਂ ਦੇ ਲੋਕ ਮੁੱਖ ਮੰਤਰੀ ਨੂੰ ਮਿਲ ਕੇ ਆਪਣੀਆਂ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ’ਚ ਲਿਆਉਂਦੇ ਸਨ, ਪਰ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਲੋਕ ਮਿਲਣੀਆਂ ਦੌਰਾਨ ਲੋਕਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੰਦੇ| ਐਚ. ਐਸ. ਵਾਲੀਆ ਨੇ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਤੇ ਹੋਰ ਲੋਕਾਂ ਨੂੰ ਪੁਲਿਸ ਪਹਿਲਾਂ ਹੀ ਚੁੱਕ ਕੇ ਲੈ ਜਾਂਦੀ ਹੈ | ਕੇ6