ਭੁਲੱਥ, 5 ਜੁਲਾਈ (ਮਨਜੀਤ ਸਿੰਘ ਰਤਨ)-ਪੰਜਾਬ ਸਰਕਾਰ ਦੀ ‘’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’’ ਤਹਿਤ ਹਲਕਾ ਭੁਲੱਥ ਵਿਚ ਵੱਡੀ ਗਿਣਤੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿਚ ਵਿੱਤੀ ਸਹਾਇਤਾ ਦੀ ਰਾਸ਼ੀ ਪਹੁੰਚਣੀ ਸ਼ੁਰੂ ਹੋ ਗਈ ਹੈ | ਜਿਨ੍ਹਾਂ ਯੋਗ ਮਹਿਲਾਵਾਂ ਦੀ ਪ੍ਰਕਿਰਿਆ ਹਾਲੇ ਬਾਕੀ ਹੈ, ਉਨ੍ਹਾਂ ਦੇ ਦਸਤਾਵੇਜ਼ ਪੂਰੇ ਹੋਣ ਉਪਰੰਤ ਰਾਸ਼ੀ ਵੀ ਉਨ੍ਹਾਂ ਦੇ ਖਾਤਿਆਂ ਵਿਚ ਭੇਜੀ ਜਾਵੇਗੀ | ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਵਪਾਰ ਪ੍ਰਧਾਨ ਰਸ਼ਪਾਲ ਸ਼ਰਮਾ (ਹਲਕਾ ਸੰਗਠਨ ਇੰਚਾਰਜ), ਸੀਨੀਅਰ ਮੀਤ ਪ੍ਰਧਾਨ ਸੂਰਜ ਕੁਮਾਰ, ਮੀਤ ਪ੍ਰਧਾਨ ਨਿਰਮਲ ਸਿੰਘ ਗੁਰਾਇਆ ਅਤੇ ਕੌਂਸਲਰ ਗੌਰਵ ਕੁਮਾਰ ਸੱਭਰਵਾਲ ਨੇ ਸਾਂਝੇ ਤੌਰ ‘ਤੇ ਦਿੱਤੀ | ਉਨ੍ਹਾਂ ਨਗਰ ਭੁਲੱਥ ਦੀਆਂ ਮਹਿਲਾਵਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਰਜਿਸਟ੍ਰੇਸ਼ਨ ਦੌਰਾਨ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੀਆਂ ਹਨ | ਆਗੂਆਂ ਨੇ ਕਿਹਾ ਕਿ ਯੋਜਨਾ ਤਹਿਤ ਰਜਿਸਟ੍ਰੇਸ਼ਨ ਅਤੇ ਲਾਭਪਾਤਰੀਆਂ ਨੂੰ ਰਾਸ਼ੀ ਭੇਜਣ ਦੀ ਪ੍ਰਕਿਰਿਆ ਬਿਨਾਂ ਕਿਸੇ ਭੇਦਭਾਵ ਦੇ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਇਹ ਮਹੱਤਵਪੂਰਨ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ ਸਿੱਧੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਯੋਜਨਾ ਅਧੀਨ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਅਤੇ ਹੋਰ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ | ਆਗੂਆਂ ਨੇ ਕਿਹਾ ਕਿ ਇਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਰਾਹਤ ਮਿਲੇਗੀ ਅਤੇ ਮਹਿਲਾਵਾਂ ਦੀ ਸਮਾਜਿਕ ਤੇ ਆਰਥਿਕ ਸਥਿਤੀ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ | ਮੁਫ਼ਤ ਬਿਜਲੀ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਮੁੱਖ ਮੰਤਰੀ ਤੀਰਥ ਯਾਤਰਾ ਅਤੇ ਹੋਰ ਲੋਕ ਭਲਾਈ ਸਕੀਮਾਂ ਦੀ ਤਰ੍ਹਾਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਵੀ ਲੋਕ ਭਲਾਈ ਵੱਲ ਇੱਕ ਅਹਿਮ ਕਦਮ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਇੱਕੋ ਪਰਿਵਾਰ ਵਿਚ ਯੋਗ ਮਹਿਲਾਵਾਂ ਦੀ ਗਿਣਤੀ ‘ਤੇ ਕੋਈ ਪਾਬੰਦੀ ਨਹੀਂ ਹੈ | ਜੇਕਰ ਮਾਂ, ਧੀ ਅਤੇ ਨੂੰ ਹ ਤਿੰਨੇ ਯੋਗਤਾ ਦੀਆਂ ਸ਼ਰਤਾਂ ਪੂਰੀਆਂ ਕਰਦੀਆਂ ਹਨ ਤਾਂ ਤਿੰਨਾਂ ਨੂੰ ਹੀ ਇਸ ਯੋਜਨਾ ਦਾ ਲਾਭ ਮਿਲੇਗਾ | ਨਾਲ ਹੀ ਉਨ੍ਹਾਂ ਦੱਸਿਆ ਕਿ ਪਿੰਡਾਂ ਵਿਚ ਵੀ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਯੋਗ ਮਹਿਲਾ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ |