ਸੁਲਤਾਨਪੁਰ ਲੋਧੀ, 13 ਜੁਲਾਈ (ਥਿੰਦ)-ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਸ਼ਹਿਰ ਦੀ ਸਫ਼ਾਈ ਅਤੇ ਨਿਕਾਸੀ ਵਿਵਸਥਾ ਨੂੰ ਲੈ ਕੇ ਪ੍ਰਸ਼ਾਸਨ ਦੇ ਦਾਅਵਿਆਂ ‘ਤੇ ਇੱਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ | ਮਾਡਲ ਟਾਊਨ ਦੇ ਬਾਹਰ ਸੜਕ ਕਿਨਾਰੇ ਲੰਮੇ ਸਮੇਂ ਤੋਂ ਖੜ੍ਹੇ ਗੰਦੇ ਪਾਣੀ ਨੇ ਲੋਕਾਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ | ਹਾਲਾਤ ਇਹ ਹਨ ਕਿ ਸੜਕ ‘ਤੇ ਖੜ੍ਹਾ ਗੰਦਾ ਪਾਣੀ ਜਿੱਥੇ ਰਾਹਗੀਰਾਂ ਲਈ ਪਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ, ਉੱਥੇ ਹੀ ਇਸ ਦਾ ਸਿੱਧਾ ਅਸਰ ਦੁਕਾਨਦਾਰਾਂ ਦੇ ਕਾਰੋਬਾਰ ‘ਤੇ ਵੀ ਪੈ ਰਿਹਾ ਹੈ | ਸਮੱਸਿਆ ਤੋਂ ਤੰਗ ਆਏ ਦੁਕਾਨਦਾਰਾਂ ਨੇ ਹੁਣ ਪ੍ਰਸ਼ਾਸਨ ਖ਼ਿਲਾਫ਼ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਜਲਦ ਹੱਲ ਦੀ ਮੰਗ ਕੀਤੀ ਹੈ |ਮਾਡਲ ਟਾਊਨ ਦੇ ਬਾਹਰ ਦੇ ਦੁਕਾਨਦਾਰ ਬਲਜੀਤ ਸਿੰਘ, ਗੁਰਿੰਦਰ ਸਿੰਘ ਬਵੇਜਾ, ਪਰਮਿੰਦਰ ਸਿੰਘ, ਬਲਜਿੰਦਰ ਸਿੰਘ, ਦਰਬਾਰਾ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਸਮੱਸਿਆ ਅਚਾਨਕ ਪੈਦਾ ਨਹੀਂ ਹੋਈ, ਸਗੋਂ ਲੰਮੇ ਸਮੇਂ ਤੋਂ ਚੱਲ ਰਹੀ ਹੈ ਅਤੇ ਇਹ ਲਾਪਰਵਾਹੀ ਦਾ ਨਤੀਜਾ ਹੈ | ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਪਾਣੀ ਦੀ ਨਿਕਾਸੀ ਲਈ ਪਹਿਲਾਂ ਪਾਈਪ ਪਾਏ ਗਏ ਸਨ, ਪਰ ਸੜਕ ਨਿਰਮਾਣ ਦੌਰਾਨ ਇਹ ਪਾਈਪ ਦੱਬ ਗਏ, ਜਿਸ ਕਾਰਨ ਪਾਣੀ ਦਾ ਵਹਾਅ ਪੂਰੀ ਤਰ੍ਹਾਂ ਰੁਕ ਗਿਆ | ਹੁਣ ਹਾਲਾਤ ਇਹ ਹਨ ਕਿ ਥੋੜ੍ਹੀ ਜਿਹੀ ਬਾਰਿਸ਼ ਨਾਲ ਵੀ ਪਾਣੀ ਸੜਕ ‘ਤੇ ਇਕੱਠਾ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਗੰਦੇ ਪਾਣੀ ਵਿਚੋਂ ਲੰਘਣਾ ਪੈਂਦਾ ਹੈ |ਦੁਕਾਨਦਾਰਾਂ ਨੇ ਪ੍ਰਸ਼ਾਸਨਿਕ ਪ੍ਰਬੰਧਾਂ ‘ਤੇ ਸਵਾਲ ਚੁੱਕਦਿਆਂ ਕਿਹਾ ਕਿ, ‘’ਸੜਕਾਂ ਤਾਂ ਬਣਾ ਦਿੱਤੀਆਂ ਜਾਂਦੀਆਂ ਹਨ, ਪਰ ਉਨ੍ਹਾਂ ਨਾਲ ਜੁੜੀਆਂ ਬੁਨਿਆਦੀ ਸਹੂਲਤਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ | ਇਸ ਦਾ ਖ਼ਮਿਆਜ਼ਾ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਭੁਗਤਣਾ ਪੈ ਰਿਹਾ ਹੈ |’’ਉਨ੍ਹਾਂ ਕਿਹਾ ਕਿ ਦੁਕਾਨਾਂ ਦੇ ਬਾਹਰ ਖੜ੍ਹਾ ਗੰਦਾ ਪਾਣੀ ਗਾਹਕਾਂ ਲਈ ਵੀ ਮੁਸੀਬਤ ਬਣਿਆ ਹੋਇਆ ਹੈ | ਇਲਾਕੇ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਕਈ ਦਿਨਾਂ ਤੱਕ ਪਾਣੀ ਖੜ੍ਹਾ ਰਹਿਣ ਕਾਰਨ ਆਲੇ-ਦੁਆਲੇ ਬਦਬੂ ਫੈਲ ਰਹੀ ਹੈ | ਗੰਦੇ ਪਾਣੀ ਵਿਚ ਮੱਛਰਾਂ ਦੀ ਗਿਣਤੀ ਵੀ ਵਧ ਗਈ ਹੈ, ਜਿਸ ਕਾਰਨ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਇਹ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ, ਇਸ ਲਈ ਪ੍ਰਸ਼ਾਸਨ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ |ਦੁਕਾਨਦਾਰਾਂ ਨੇ ਦੋਸ਼ ਲਗਾਇਆ ਕਿ ਜੇਕਰ ਸਮੇਂ ਸਿਰ ਅਧਿਕਾਰੀਆਂ ਨੇ ਇਸ ਸਮੱਸਿਆ ਵੱਲ ਧਿਆਨ ਦਿੱਤਾ ਹੁੰਦਾ ਤਾਂ ਅੱਜ ਮਾਡਲ ਟਾਊਨ ਦੇ ਬਾਹਰ ਇਹ ਬਦਹਾਲੀ ਨਾ ਹੁੰਦੀ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਮਾਮਲੇ ਨੂੰ ਟਾਲਣ ਵਾਲਾ ਰਵੱਈਆ ਅਪਣਾਇਆ ਜਾ ਰਿਹਾ ਹੈ |ਦੁਕਾਨਦਾਰਾਂ ਨੇ ਨਗਰ ਕੌਂਸਲ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਜਾਵੇ ਅਤੇ ਬੰਦ ਪਈ ਨਿਕਾਸੀ ਵਿਵਸਥਾ ਨੂੰ ਤੁਰੰਤ ਠੀਕ ਕਰਵਾਇਆ ਜਾਵੇ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਰਫ਼ ਭਰੋਸੇ ਨਹੀਂ, ਸਗੋਂ ਸਮੱਸਿਆ ਦਾ ਪੱਕਾ ਹੱਲ ਚਾਹੀਦਾ ਹੈ |ਦੁਕਾਨਦਾਰਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਠੀਕ ਨਾ ਕੀਤਾ ਗਿਆ ਤਾਂ ਉਹ ਮਜਬੂਰ ਹੋ ਕੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਨਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗ ਕਿਸੇ ਵਿਵਾਦ ਦੀ ਨਹੀਂ, ਸਗੋਂ ਆਪਣੇ ਇਲਾਕੇ ਨੂੰ ਸਾਫ਼-ਸੁਥਰਾ ਅਤੇ ਪਰੇਸ਼ਾਨੀ ਮੁਕਤ ਬਣਾਉਣ ਦੀ ਹੈ | ਮਾਡਲ ਟਾਊਨ ਦੀ ਸਮੱਸਿਆ ਸਬੰਧੀ ਜਦੋਂ ਨਗਰ ਕੌਂਸਲ ਦੇ ਕਾਰਜ ਸਾਧਕ ਅਧਿਕਾਰੀ (ਈਓ) ਨਾਲ ਉਨ੍ਹਾਂ ਦਾ ਪੱਖ ਜਾਣਨ ਲਈ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਫ਼ੋਨ ਰਿਸੀਵ ਨਹੀਂ ਕੀਤਾ |
ਸੁਲਤਾਨਪੁਰ ਲੋਧੀ ਦੇ ਮਾਡਲ ਟਾਊਨ ਦੇ ਬਾਹਰ ਗੰਦੇ ਪਾਣੀ ਦਾ ਸੰਕਟ ਗਹਿਰਾਇਆ, ਲੋਕ ਪ੍ਰੇਸ਼ਾਨ
ਅਜੀਤ ਡੈਸਕ
14-07-2026