ਕਪੂਰਥਲਾ, 14 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਮਣੀ ਅਕਾਲੀ ਦਲ (ਬ) ਦੇ ਕਪੂਰਥਲਾ ਹਲਕੇ ਦੇ ਇੰਚਾਰਜ ਐੱਚ.ਐੱਸ. ਵਾਲੀਆ ਨੇ ਸ਼ੋ੍ਮਣੀ ਅਕਾਲੀ ਦਲ ਦੇ ਸਾਰੇ ਵਿੰਗਾ ਦੇ ਅਹੁਦੇਦਾਰਾਂ ਤੇ ਸਰਕਲ ਪ੍ਰਧਾਨਾ ਨੂੰ ਅਪੀਲ ਕੀਤੀ ਕਿ ਉਹ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਅਨੁਸਾਰ ਇੱਕਜੁੱਟ ਹੋ ਕੇ ਕੰਮ ਕਰਨ ਤਾਂ ਜੋ ਪੰਜਾਬ ਵਿਚ ਅਕਾਲੀ ਦਲ ਦੀ ਅਗਵਾਈ ਵਿਚ ਸਰਕਾਰ ਬਣਾਈ ਜਾ ਸਕੇ | ਉਨ੍ਹਾਂ ਕਿਹਾ ਕਿ ਤਬਦੀਲੀ ਦਾ ਨਾਅਰਾ ਦੇ ਕੇ ਪੰਜਾਬ ਦੇ ਸੱਤਾ ‘ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਹਰ ਮੁਹਾਜ਼ ‘ਤੇ ਬੁਰੀ ਤਰ੍ਹਾਂ ਫੇਲ ਹੋਈ ਹੈ ਤੇ ਜਿੰਨੇ ਵੀ ਵਾਅਦੇ ਕੀਤੇ ਸਨ ਉਹ ਸਾਢੇ ਚਾਰ ਸਾਲ ਦੇ ਰਾਜ ਦੌਰਾਨ ਪੂਰੇ ਨਹੀਂ ਕਰ ਸਕੀ, ਜਿਸ ਕਾਰਨ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਵੱਖ-ਵੱਖ ਵਰਗਾਂ ਦੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਰਕਰਾਂ ਤੇ ਲੋਕਾਂ ਦੇ ਸਮਰਥਨ ਨਾਲ ਕਪੂਰਥਲਾ ਹਲਕੇ ਦੀ ਸੀਟ ਜਿੱਤ ਕੇ ਸ਼ੋ੍ਰਮਣੀ ਅਕਾਲੀ ਦਲ ਦੀ ਝੋਲੀ ਪਾਉਣਗੇ | ਐਚ.ਐਸ. ਵਾਲੀਆ ਨੇ ਫ਼ਿਲਮ ‘ਸਤਲੁਜ’ ਨੂੰ ਲੈ ਕੇ ਭਾਜਪਾ ਵਲੋਂ ਕੀਤੇ ਜਾ ਰਹੇ ਵਿਹਾਰ ‘ਤੇ ਵੀ ਚਿੰਤਾ ਪ੍ਰਗਟ ਕੀਤੀ | ਅਕਾਲੀ ਆਗੂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਨਸ਼ੀਲੇ ਪਦਾਰਥਾਂ ਨੂੰ ਖ਼ਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਦੇ ਨਾਲ-ਨਾਲ ਯੁੱਧ ਖਾਕੀ ਵਿਰੁੱਧ ਵੀ ਜੰਗ ਛੇੜਣ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅੱਤਵਾਦ ਦੇ ਖਾਤਮੇ ਸਬੰਧੀ ਵਾਈਟ ਪੇਪਰ ਜਾਰੀ ਕੀਤਾ ਜਾਵੇ | ਕਾਨੂੰਨ ਵਿਵਸਥਾ ‘ਤੇ ਸਵਾਲ ਖੜੇ ਕਰਦਿਆਂ ਐੱਚ.ਐੱਸ. ਵਾਲੀਆ ਨੇ ਕਿਹਾ ਕਿ ਪੰਜਾਬ ਵਿਚ ਨਸ਼ਾ ਖੋਰੀ, ਗੈਂਗਸਟਰਵਾਦ ਤੇ ਜਬਰੀ ਵਸੂਲੀ ਦੀਆਂ ਘਟਨਾਵਾਂ ਵੱਧ ਰਹੀਆਂ ਹਨ ਤੇ ਪੰਜਾਬ ਸਰਕਾਰ ਸਭ ਕੁੱਝ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ |