ਕਪੂਰਥਲਾ, 15 ਜੁਲਾਈ (ਅਮਰਜੀਤ ਕੋਮਲ)-ਭਾਰਤ ਬਚਾਓ ਮੋਰਚੇ ਦੇ ਸੱਦੇ ‘ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਸਕੱਤਰ ਸ਼ੇਰ ਸਿੰਘ ਮਹੀਵਾਲ ਦੀ ਅਗਵਾਈ ਵਿਚ ਮੋਟਰਸਾਈਕਲ ਮਾਰਚ ਕੱਢਿਆ | ਮੋਟਰਸਾਈਕਲ ਮਾਰਚ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਪੁੱਜਣ ‘ਤੇ ਮੋਰਚੇ ਦੇ ਪ੍ਰਧਾਨ ਤੇ ਹੋਰ ਆਗੂਆਂ ਨੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਬਾਅਦ ਵਿਚ ਕਿਸਾਨ ਆਗੂਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੂੰ ਇਕ ਮੰਗ ਪੱਤਰ ਦਿੱਤਾ, ਜਿਸ ਵਿਚ ਮੰਗ ਕੀਤੀ ਗਈ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ | ਇਸ ਮੌਕੇ ਬੋਲਦਿਆਂ ਸਰਵਣ ਸਿੰਘ ਬਾਊਪੁਰ ਤੇ ਸ਼ੇਰ ਸਿੰਘ ਮਹੀਵਾਲ ਨੇ ਕਿਹਾ ਕਿ ਭਾਰਤ ਅਮਰੀਕਾ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਪਸ਼ੂ ਪਾਲਕਾਂ, ਵਪਾਰੀਆਂ ਤੇ ਹੋਰ ਲੋਕਾਂ ਦੇ ਹਿਤ ਵਿਚ ਨਹੀਂ | ਇਸ ਨਾਲ ਖੇਤੀਬਾੜੀ, ਪੇਂਡੂ ਅਰਥ ਵਿਵਸਥਾ ‘ਤੇ ਮਾੜਾ ਅਸਰ ਪਵੇਗਾ | ਇਸ ਲਈ ਅਮਰੀਕਾ ਵਪਾਰ ਸਮਝੌਤਾ ਤੁਰੰਤ ਰੱਦ ਕੀਤਾ ਕਰਕੇ ਦੇਸ਼ ਦੇ ਕਿਸਾਨਾਂ ਤੇ ਆਮ ਲੋਕਾਂ ਦੇ ਹਿਤਾਂ ਦੀ ਰਾਖੀ ਕੀਤੀ ਜਾਵੇ | ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀ ਇਸ ਮੰਗ ਨੂੰ ਅਣਗੌਲਿਆ ਕੀਤਾ ਗਿਆ ਤਾਂ ਉਹ ਦੇਸ਼ ਭਰ ਵਿਚ ਵਿਆਪਕ ਸੰਘਰਸ਼ ਛੇੜਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਭਾਰਤ ਸਰਕਾਰ ਦੀ ਹੋਵੇਗੀ | ਇਸ ਤੋਂ ਪਹਿਲਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਮਲਕੀਤ ਸਿੰਘ ਫੱਤੋਵਾਲ, ਜ਼ੋਨ ਨਡਾਲਾ ਦੇ ਪ੍ਰਧਾਨ ਨਿਸ਼ਾਨ ਸਿੰਘ, ਜ਼ੋਨ ਮੀਰੀ ਪੀਰੀ ਗੁਰਸਰ ਦੇ ਪ੍ਰਧਾਨ ਹਰਵਿੰਦਰ ਸਿੰਘ, ਜ਼ੋਨ ਭਾਈ ਲਾਲੂ ਜੀ ਡੱਲਾ ਦੇ ਪ੍ਰਧਾਨ ਪਰਮਜੀਤ ਸਿੰਘ ਪੱਕੇ ਕੋਠੇ, ਜ਼ੋਨ ਬਾਬਾ ਬੀਰ ਸਿੰਘ ਦੇ ਪ੍ਰਧਾਨ ਸੁਖਵਿੰਦਰ ਸਿੰਘ, ਜ਼ੋਨ ਬਾਬਾ ਬੰਦਾ ਸਿੰਘ ਬਹਾਦਰ ਦੇ ਪ੍ਰਧਾਨ ਜੋਗਾ ਸਿੰਘ, ਜ਼ੋਨ ਸ਼ਹੀਦ ਊਧਮ ਸਿੰਘ ਦੇ ਪ੍ਰਧਾਨ ਗੁਰਸੇਵਕ ਸਿੰਘ ਸ਼ਿਵਦਿਆਲ, ਜ਼ੋਨ ਸ਼ਹੀਦ ਭਗਤ ਸਿੰਘ ਦੇ ਪ੍ਰਧਾਨ ਬਲਬੀਰ ਸਿੰਘ ਬੁੱਟਰ ਦੀ ਅਗਵਾਈ ਵਿਚ ਮੋਟਰਸਾਈਕਲ ਮਾਰਚ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ, ਨਡਾਲਾ, ਕੋਟ ਕਰਾਰ ਖਾਂ ਤੋਂ ਚੱਲ ਕੇ ਡੀ.ਸੀ. ਚੌਂਕ ਕਪੂਰਥਲਾ ਪੁੱਜੇ, ਜਿੱਥੇ ਕਿਸਾਨਾਂ ਨੇ ਰੋਸ ਵਿਖਾਵਾ ਕੀਤਾ | ਰੋਸ ਵਿਖਾਵੇ ਮੌਕੇ ਯੂਨੀਅਨ ਦੇ ਜ਼ਿਲ੍ਹਾ ਖ਼ਜ਼ਾਨਚੀ ਵੀਰ ਸਿੰਘ ਉੱਚਾ, ਅਵਤਾਰ ਸਿੰਘ ਲਾਡਾ, ਮੁਖ਼ਤਿਆਰ ਸਿੰਘ, ਬਲਦੇਵ ਸਿੰਘ ਕੰਬੋਜ, ਗੁਰਮੀਤ ਸਿੰਘ ਗੱਗੀ, ਹਰਦੀਪ ਸਿੰਘ ਬਾਊਪੁਰ, ਤਰਸੇਮ ਸਿੰਘ, ਮੇਜਰ ਸਿੰਘ, ਤਰਸੇਮ ਸਿੰਘ ਤਲਵੰਡੀ ਚੌਧਰੀਆਂ, ਕਮਲਜੀਤ ਸਿੰਘ, ਰਣਜੀਤ ਸਿੰਘ, ਬਲਵੰਤ ਸਿੰਘ, ਮਹਿੰਦਰ ਸਿੰਘ, ਸਤਨਾਮ ਸਿੰਘ, ਪਿਆਰਾ ਸਿੰਘ, ਬਲਜਿੰਦਰ ਸਿੰਘ ਸ਼ੇਰਪੁਰ, ਭਜਨ ਸਿੰਘ ਖਿਜਰਪੁਰ, ਜਗਜੀਤ ਸਿੰਘ ਕੋਟ ਕਰਾਰ ਖਾਂ, ਜ਼ਿਲ੍ਹਾ ਪ੍ਰੈੱਸ ਸਕੱਤਰ ਪੁਸ਼ਪਿੰਦਰ ਸਿੰਘ ਰਣਧੀਰਪੁਰ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |