11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪੰਜਾਬ ਦੇ ਪਾਣੀ ਦੇ ਸਰੋਤਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਲੋੜ-ਕੁਲਤਾਰ ਸਿੰਘ ਸੰਧਵਾਂ

Ad Position 21
No active advertisement
ਅਜੀਤ ਡੈਸਕ 17-07-2026
ਸੁਲਤਾਨਪੁਰ ਲੋਧੀ, 16 ਜੁਲਾਈ (ਨਰੇਸ਼ ਹੈਪੀ, ਥਿੰਦ)-ਪੰਜਾਬ ਦੇ ਪਾਣੀ ਦੇ ਸਰੋਤਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ, ਕਿਉਂਕਿ ਵਾਤਾਵਰਨ ਦਾ ਨਿਰੰਤਰ ਵਿਗਾੜ ਮਨੁੱਖੀ ਹੋਂਦ ਲਈ ਇਕ ਗੰਭੀਰ ਖ਼ਤਰਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ 26ਵੀਂ ਵਰ੍ਹੇਗੰਢ ਮੌਕੇ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਚ ਹੋਏ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਸਮਰਪਿਤ ਵਲੰਟੀਅਰਾਂ ਦੇ ਸਹਿਯੋਗ ਨਾਲ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਦੀ ਅਗਵਾਈ ਹੇਠ ਪਵਿੱਤਰ ਕਾਲੀ ਵੇਈਂ ਦੀ ਪੁਨਰਸੁਰਜੀਤੀ ਦੇ ਇਤਿਹਾਸ ਵਿਚ ਵਾਤਾਵਰਨ ਦੀ ਸੰਭਾਲ ਲਈ ਲੋਕਾਂ ਦੀ ਭਾਗੇਦਾਰੀ ਇਕ ਪ੍ਰੇਰਣਾਦਾਇਕ ਮਿਸਾਲ ਬਣੀ ਹੈ | ਉਨ੍ਹਾਂ ਕਿਹਾ ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਲਈ ਚੱਲ ਰਹੇ ਯਤਨਾ ਸਬੰਧੀ ਕਿਹਾ ਕਿ ਇਹ ਦਰਿਆ ਵੀ ਬਹੁਤ ਜਲਦੀ ਪਵਿੱਤਰ ਕਾਲੀ ਵੇਈਂ ਵਰਗੀ ਤਬਦੀਲੀ ਦਾ ਗਵਾਹ ਬਣੇਗਾ | ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿਚ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਸੰਤ ਸੀਚੇਵਾਲ ਦੇ ਮਿਸ਼ਨ ਨੂੰ ਹਰ ਸੰਭਵ ਸਹਿਯੋਗ ਦੇਵੇਗੀ | ਉਨ੍ਹਾਂ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ 21ਵੀਂ ਸਦੀ ਦਾ ਵਾਤਾਵਰਨ ਹੀਰੋ ਕਰਾਰ ਦਿੰਦਿਆਂ ਕਿਹਾ ਕਿ ਉਹ ਜ਼ਮੀਨੀ ਪੱਧਰ ਦੇ ਜੁੜੇ ਹੋਏ ਹਨ ਤੇ ਉਨ੍ਹਾਂ ਨੇ ਸੇਵਾ ਸਮਾਜਿਕ ਬਦਲਾਅ ਦਾ ਸਾਧਨ ਬਣਾਇਆ ਹੈ | ਸਮਾਗਮ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੰਤ ਸੀਚੇਵਾਲ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ, ਦਸੂਹਾ ਅਤੇ ਕਪੂਰਥਲਾ ਦੇ ਸੀਵਰੇਜ ਟਰੀਟਮੈਂਟ ਪਲਾਂਟਾਂ ਤੋਂ ਸੋਧੇ ਹੋਏ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਕਿੱਲੋਮੀਟਰਾਂ ਤੱਕ ਲੰਬੀਆਂ ਪਾਈਪ ਲਾਈਨਾਂ ਵਿਛਾਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੀਚੇਵਾਲ ਮਾਡਲ ਤਹਿਤ ਸੂਬੇ ਦੇ ਪਿੰਡਾਂ ਵਿੱਚ ਗੰਦੇ ਪਾਣੀ ਦੇ ਸੁਚੱਜੇ ਨਿਕਾਸ ਲਈ ਵਿਸ਼ੇਸ਼ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਆਪਣੇ ਵਾਤਾਵਰਨ ਨੂੰ ਬਚਾਉਣ ਦਾ ਸਮੂਹਿਕ ਤੌਰ ‘ਤੇ ਸੰਕਲਪ ਲੈ ਕੇ ਪੁਰਾਤਨ ਗੌਰਵ ਨੂੰ ਬਹਾਲ ਕਰੀਏ | ਇਸ ਮੌਕੇ ਬੋਲਦਿਆਂ ਡਾ. ਰਵਜੋਤ ਸਿੰਘ ਜੇਲ੍ਹ ਤੇ ਐਨ.ਆਰ.ਆਈਜ਼ ਮਾਮਲਿਆਂ ਪੰਜਾਬ ਨੇ ਕਿਹਾ ਕਿ ਸੰਤ ਸੀਚੇਵਾਲ ਨੇ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਰਾਹੀ ਜੋ ਕਾਇਆ ਕਲਪ ਪਵਿੱਤਰ ਵੇਈਂ ਦਾ ਕੀਤਾ ਹੈ ਉਸ ਦੀ ਮਿਸਾਲ ਦੁਨੀਆ ਵਿੱਚ ਕਿਤੇ ਵੀ ਨਹੀਂ ਮਿਲਦੀ | ਉਨ੍ਹਾਂ ਕਿਹਾ ਕਿ ਪਵਿੱਤਰ ਕਾਲੀ ਵੇਈਾ ਦੀ 26 ਵੀਂ ਵਰ੍ਹੇਗੰਢ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੰਗਤਾਂ ਨੂੰ ਦਿਵਾਇਆ ਗਿਆ ਨਦੀਆਂ ਅਤੇ ਦਰਿਆਵਾਂ ਦੀ ਸੰਭਾਲ ਦਾ ਅਹਿਦ ਕੇਵਲ ਇੱਕ ਸੰਕਲਪ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰੇ ਅਤੇ ਸਿਹਤਮੰਦ ਵਾਤਾਵਰਨ ਦੀ ਸਾਂਝੀ ਜ਼ਿੰਮੇਵਾਰੀ ਹੈ | ਸਮਾਗਮ ਨੂੰ ਸੰਬੋਧਨ ਕਰਦਿਆਂ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ, ਕੈਬਨਿਟ ਮੰਤਰੀਆਂ, ਵਾਤਾਵਰਨ ਪ੍ਰੇਮੀਆਂ, ਲੋਕ ਪ੍ਰਤੀਨਿਧਾਂ, ਵਲੰਟੀਅਰਾਂ ਤੇ ਹਜ਼ਾਰਾਂ ਸ਼ਰਧਾਲੂਆਂ ਵਲੋਂ ਵਾਤਾਵਰਨ ਦੀ ਇਸ ਲਹਿਰ ਨੂੰ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਵਿੱਤਰ ਕਾਲੀ ਵੇਈਂ ਦੀ ਪੁਨਰ ਸੁਰਜੀਤੀ, ਸਮੂਹਿਕ ਯਤਨਾ, ਨਿਸ਼ਕਾਮ ਸੇਵਾ ਤੇ ਪ੍ਰਮਾਤਮਾ ਦੀ ਮੇਹਰ ਸਦਕਾ ਸੰਭਵ ਹੋ ਸਕੀ | ਇਸ ਮੌਕੇ ਬਾਬਾ ਸੀਚੇਵਾਲ ਵੱਲੋਂ ਕਾਰਸੇਵਾ ਵਿੱਚ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸਹਿਯੋਗ ਦੇ ਰਹੇ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ | ਪਵਿੱਤਰ ਕਾਲੀ ਵੇਈਂ ਦੀ 26ਵੀਂ ਵਰ੍ਹੇਗੰਢ ‘ਤੇ ਹਾਜ਼ਰ ਲੋਕਾਂ ਨੇ ਪੰਜਾਬ ਦੇ ਨਦੀਆਂ ਤੇ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਰੱਖਣ ਦਾ ਅਹਿਦ ਲਿਆ | ਇਸਤੋਂ ਪਹਿਲਾਂ ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਦੇ ਬੱਚਿਆਂ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਮਾਗਮ ਵਿੱਚ ਸੰਤ ਪ੍ਰਗਟ ਨਾਥ, ਸੰਤ ਗੁਰਮੇਜ਼ ਸਿੰਘ, ਸੰਤ ਜਸਵਿੰਦਰ ਹਰਿਆਣੇ ਤੋਂ, ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਐਸ.ਡੀ.ਐਮ ਸੁਲਤਾਨਪੁਰ ਲੋਧੀ ਜਸਜੀਤ ਸਿੰਘ, ਸੁਰਜੀਤ ਸਿੰਘ ਸ਼ੰਟੀ, ਸਰਪੰਚ ਜੋਗਾ ਸਿੰਘ, ਸਰਪੰਚ ਬੂਟਾ ਸਿੰਘ, ਮਨਜੀਤ ਸਿੰਘ, ਦੋਆਬਾ ਮੈਡੀਕਲ ਪੈ੍ਰਕਟੀਸ਼ਨਰਜ਼, ਤਜਿੰਦਰ ਸਿੰਘ, ਸਮੇਤ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਰਹੀਆਂ | ਸਟੇਜ ਦੀ ਸੇਵਾ ਭੂਮਿਕਾ ਸੰਤ ਸੁਖਜੀਤ ਸਿੰਘ ਵੱਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਤੇ ਸੰਗਤਾਂ ਨੂੰ ਬੂਟਿਆਂ ਦਾ ਪ੍ਰਸ਼ਾਦ ਵੰਡਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਵਧਦੀ ਹੋਈ ਆਬਾਦੀ ਦੇਸ਼ ਅਤੇ ਸਮਾਜ ਲਈ ਕਈ ਸਮੱਸਿਆਵਾਂ ਦਾ ਕਾਰਨ ਬਣ ਸਕਦੀ -ਡਾ. ਅਨੂ ਸ਼ਰਮਾ ਅਗਲੀ ਖ਼ਬਰ ਸੂਬੇਦਾਰ ਪਰਮਜੀਤ ਸਿੰਘ ਮੱਲ੍ਹੀ ਦਾ ਦਿਹਾਂਤ- ਸੁਪਰਡੈਂਟ ਰੁਪਿੰਦਰਜੀਤ ਕੌਰ ਨਾਲ ਦੁੱਖ ਪ੍ਰਗਟ
Ad Position 24