ਕਪੂਰਥਲਾ, 16 ਜੁਲਾਈ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ.ਐਸ. ਵਾਲੀਆ ਨੇ ਬੀਤੇ ਦਿਨ ਦਸਮੇਸ਼ ਨਗਰ ਕਲੋਨੀ ਵਿਚ ਠੇਕੇਦਾਰ ਰਮਨ ਕੁਮਾਰ ਦੇ ਮੁਲਾਜ਼ਮਾਂ ‘ਤੇ ਕੁੱਝ ਵਿਅਕਤੀਆਂ ਵਲੋਂ ਕੀਤੇ ਗਏ ਹਮਲੇ ਤੇ ਕਥਿਤ ਤੌਰ ‘ਤੇ ਗੋਲੀ ਚਲਾਉਣ ਦੇ ਮਾਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਰਵਾਕੇ ਸਬੰਧਿਤ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਸ਼ਹਿਰ ਵਿਚ ਗੁੰਡਾਗਰਦੀ ਦੀਆਂ ਵੱਧ ਰਹੀਆਂ ਘਟਨਾਵਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਲੋਕਾਂ ਵਿਚ ਦਹਿਸ਼ਤ ਪੈਦਾ ਹੁੰਦੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਸ਼ਹਿਰ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਅਸਫ਼ਲ ਰਹਿਣ ਕਾਰਨ ਅਪਰਾਧੀਆਂ ਦੇ ਹੌਸਲੇ ਬੁਲੰਦ ਹੋਏ ਹਨ ਤੇ ਸ਼ਹਿਰ ਵਿਚ ਚੋਰੀ, ਲੁੱਟ ਖੋਹ, ਡਕੈਤੀ, ਕਤਲ ਤੇ ਫਿਰੌਤੀ ਮੰਗਣ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ | ਉਨ੍ਹਾਂ ਪੰਜਾਬ ਵਿਚ ਅਮਨ ਕਾਨੂੰਨ ਦੀ ਮਾੜੀ ਸਥਿਤੀ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ | ਐਚ.ਐਸ. ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਭਿ੍ਸ਼ਟ ਤੇ ਅਪਰਾਧੀਆਂ ਵਿਰੁੱਧ ਠੋਸ ਕਾਰਵਾਈ ਕਰਨ ਵਿਚ ਨਕਾਮ ਰਹੀ ਹੈ ਤੇ ਲੋਕ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕ ਰਹੇ ਹਨ |