ਕਪੂਰਥਲਾ, 17 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਸੰਯੁਕਤ ਕਿਸਾਨ ਮੋਰਚੇ ਦੀ ਇਕ ਮੀਟਿੰਗ ਬਲਵਿੰਦਰ ਸਿੰਘ ਬਾਜਵਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ‘ਤੇ 22 ਜੁਲਾਈ ਨੂੰ ਪੰਜਾਬ ਦੇ ਟੋਲ ਪਲਾਜੇ ਫ਼ਰੀ ਕਰਨ ਤੇ ਜਿੱਥੇ ਟੋਲ ਪਲਾਜੇ ਨਹੀਂ ਉੱਥੇ ਭਾਜਪਾ ਦੇ ਵੱਡੇ ਆਗੂਆਂ ਦੇ ਘਿਰਾਓ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਮੋਰਚੇ ਦੇ ਇਸ ਸੱਦੇ ਨੂੰ ਲਾਗੂ ਕਰਨ ਲਈ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਟੋਲ ਪਲਾਜਿਆਂ ‘ਤੇ ਲਿਆਂਦਾ ਜਾਵੇ | ਮੀਟਿੰਗ ਵਿਚ ਸਰਕਾਰ ਤੋਂ ਮੰਗ ਕੀਤੀ ਕਿ ਗਈ ਕਿ ਨਵੀਂ ਲੈਂਡ ਪੂਿਲੰਗ ਨੀਤੀ ਰੱਦ ਕੀਤੀ ਜਾਵੇ, ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਨ ਤੋਂ ਗੁਰੇਜ ਕੀਤਾ ਜਾਵੇ, ਕਿਸਾਨਾਂ ਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ, ਬੇਜ਼ਮੀਨੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਖੇਤੀ ਲਈ ਜ਼ਮੀਨ ਦਿੱਤੀ ਜਾਵੇ ਤੇ ਚੋਣਾਂ ਜਿੱਤਣ ਲਈ ਲੋਕਾਂ ਨੂੰ ਖ਼ਜ਼ਾਨੇ ਵਿਚੋਂ ਲੁਟਾਈ ਜਾ ਰਹੀ ਰਕਮ ‘ਤੇ ਰੋਕ ਲਗਾਈ ਜਾਵੇ, ਪੰਜਾਬ ਦੇ ਸਾਰੇ ਸਕੂਲਾਂ ਵਿਚ ਸਿੱਖਿਆ ਮੁਫ਼ਤ ਦਿੱਤੀ ਜਾਵੇ ਤੇ ਹੜ੍ਹਾਂ ਨੂੰ ਮੁੱਖ ਰੱਖਦਿਆਂ ਬੰਨ ਮਜ਼ਬੂਤ ਕੀਤੇ ਜਾਣ ਤੇ ਡਰੇਨਾ ਦੀ ਸਫ਼ਾਈ ਪਹਿਲ ਦੇ ਆਧਾਰ ‘ਤੇ ਕਰਵਾਈ ਜਾਵੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਸਮਝੌਤਾ ਦੇਸ਼ ਦੀ ਕਿਸਾਨੀ ਨੂੰ ਤਬਾਹੀ ਵੱਲ ਲੈ ਜਾਵੇਗਾ | ਮੀਟਿੰਗ ਵਿਚ ਮੋਰਚੇ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਸਕੱਤਰ ਰਸ਼ਪਾਲ ਸਿੰਘ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਰਘਬੀਰ ਸਿੰਘ ਮਹਿਰਵਾਲਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਪੇਂਡੂ ਮਜ਼ਦੂਰ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਮੁਲਾਜ਼ਮ ਆਗੂ ਕਾਮਰੇਡ ਹਰਿੰਦਰ ਸਿੰਘ ਚੀਮਾ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਸੁਖਵਿੰਦਰ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਲਵਿੰਦਰ ਸਿੰਘ ਨਵਾਂ ਠੱਟਾ, ਕਿਸਾਨ ਆਗੂ ਅਮਰਜੀਤ ਸਿੰਘ ਢਪਈ, ਸਰਵਣ ਸਿੰਘ ਕਰਮਜੀਤਪੁਰ, ਅਮਰਜੀਤ ਸਿੰਘ ਢਪਈ, ਮਨਜੀਤ ਸਿੰਘ ਢਪਈ, ਜਸਵਿੰਦਰ ਸਿੰਘ ਟਿੱਬਾ, ਸੁਖਦੇਵ ਸਿੰਘ ਨੱਥੂਪੁਰ, ਬਲਦੇਵ ਸਿੰਘ ਨੱਥੂਪੁਰ ਆਦਿ ਹਾਜ਼ਰ ਸਨ |
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 22 ਜੁਲਾਈ ਨੂੰ ਟੋਲ ਪਲਾਜ਼ੇ ਫ਼੍ਰੀ ਕੀਤੇ ਜਾਣਗੇ-ਕਿਸਾਨ ਆਗੂ
ਅਜੀਤ ਡੈਸਕ
18-07-2026