ਕਪੂਰਥਲਾ, 18 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਸੂਬਾਈ ਸੰਯੁਕਤ ਸਕੱਤਰ ਗੁਰਪਾਲ ਸਿੰਘ ਇੰਡੀਅਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਹਰ ਖੇਤਰ ਵਿਚ ਨੰਬਰ 1 ਬਣਾਉਣ ਲਈ ਲੋਕਾਂ ਦੇ ਸਹਿਯੋਗ ਨਾਲ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਸਕੀਮ ਦਾ ਪੰਜਾਬ ਦੇ 65 ਲੱਖ ਲੋਕ ਲਾਭ ਉਠਾ ਰਹੇ ਹਨ ਤੇ ਇਸ ਸਕੀਮ ਤਹਿਤ ਸਬੰਧਿਤ ਪਰਿਵਾਰ 10 ਲੱਖ ਰੁਪਏ ਦਾ ਕੈਸ਼ਲੈੱਸ ਇਲਾਜ ਕਰਵਾ ਸਕਦਾ ਹੈ | ਉਨ੍ਹਾਂ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਹੈਲਥ ਕਾਰਡ ਨਹੀਂ ਬਣੇ ਤਾਂ ਉਹ ਆਪਣ ਹੈਲਥ ਕਾਰਡ ਬਣਵਾ ਕੇ ਇਸ ਸਕੀਮ ਦਾ ਲਾਹਾ ਲੈਣ | ਗੁਰਪਾਲ ਸਿੰਘ ਇੰਡੀਅਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਹਨ | ਉਨ੍ਹਾਂ ਸਪਸ਼ਟ ਕੀਤਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਅਮਲੀ ਰੂਪ ਦੇਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ | ਉਨ੍ਹਾਂ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਵਿਚ 32 ਲੱਖ ਮਾਵਾਂ ਤੇ ਧੀਆਂ ਇਸ ਯੋਜਨਾ ਦਾ ਲਾਭ ਉਠਾ ਰਹੀਆਂ ਹਨ ਤੇ 1 ਅਗਸਤ ਨੂੰ ਉਨ੍ਹਾਂ ਦੇ ਖਾਤਿਆਂ ਵਿਚ ਮੁੜ 1 ਹਜ਼ਾਰ ਤੇ 1500 ਰੁਪਏ ਦੀ ਰਕਮ ਆਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੀਆਂ ਹਰ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਤੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ ਨੂੰ ਮੁੱਖ ਰੱਖਦਿਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ‘ਆਪ’ ਨੂੰ ਮੁੜ ਸੱਤਾ ਵਿਚ ਲਿਆਉਣ |