ਸੁਲਤਾਨਪੁਰ ਲੋਧੀ, 22 ਜੁਲਾਈ (ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬੁੱਧਵਾਰ 23 ਜੁਲਾਈ ਨੂੰ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦਾ ਦੌਰਾ ਕਰਨਗੇ | ਇਸ ਦੌਰਾਨ ਉਹ ਦਰਿਆ ਬਿਆਸ ਦੇ ਕੰਢੇ ਪਿਛਲੇ ਸਾਲ ਹੜ੍ਹ ਪ੍ਰਭਾਵਿਤ ਰਹੇ ਇਲਾਕਿਆਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਸਥਾਨਕ ਲੋਕਾਂ, ਕਿਸਾਨਾਂ ਅਤੇ ਪਾਰਟੀ ਵਰਕਰਾਂ ਨਾਲ ਵੀ ਮੁਲਾਕਾਤ ਕਰਨਗੇ |ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਆਗੂ ਇੰਦਰਜੀਤ ਸਿੰਘ ਜੋਸਨ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਆਪਣੇ ਦੌਰੇ ਦੌਰਾਨ ਦਰਿਆ ਬਿਆਸ ਦੇ ਕੰਢੇ ਬਣਾਏ ਗਏ ਬੰਨ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ | ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਜਿੱਥੇ ਵੀ ਬੰਨ੍ਹਾਂ ਦੀ ਮੁਰੰਮਤ ਜਾਂ ਹੋਰ ਲੋੜ ਮਹਿਸੂਸ ਹੋਵੇਗੀ, ਉਸ ਸਬੰਧੀ ਵੀ ਚਰਚਾ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਵਿਚ ਹੜ੍ਹਾਂ ਵਰਗੀ ਸਥਿਤੀ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ |ਜੋਸਨ ਨੇ ਦੱਸਿਆ ਕਿ ਇਸ ਮੌਕੇ ਸੁਖਬੀਰ ਸਿੰਘ ਬਾਦਲ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ, ਪਿੰਡਾਂ ਦੇ ਵਸਨੀਕਾਂ ਅਤੇ ਇਲਾਕੇ ਦੇ ਹੋਰ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਲੋੜੀਂਦੇ ਪ੍ਰਬੰਧਾਂ ਬਾਰੇ ਵੀ ਵਿਚਾਰ-ਵਟਾਂਦਰਾ ਕਰਨਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿਚ ਨਾਲ ਖੜ੍ਹਾ ਰਿਹਾ ਹੈ ਅਤੇ ਇਸ ਦੌਰੇ ਦਾ ਮਕਸਦ ਵੀ ਲੋਕਾਂ ਦੀਆਂ ਮੁਸ਼ਕਲਾਂ ਨੂੰ ਨੇੜਿਓਾ ਸਮਝਣਾ ਹੈ |ਉਨ੍ਹਾਂ ਅੱਗੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੇ ਇਸ ਦੌਰੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ | ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਸੰਗਠਨਾਤਮਕ ਮੀਟਿੰਗਾਂ ਵੀ ਹੋਣਗੀਆਂ, ਜਿਨ੍ਹਾਂ ਵਿਚ ਹਲਕੇ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਕੀਤਾ ਜਾਵੇਗਾ |