ਕਪੂਰਥਲਾ, 23 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਆਮ ਆਦਮੀ ਪਾਰਟੀ ਦੇ ਆਗੂ ਜੰਤਰ ਮੰਤਰ ਦਿੱਲੀ ਵਿਚ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਦੀਆਂ ਘਟਨਾਵਾਂ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕਰਕੇ ਮਗਰਮੱਛ ਦੇ ਹੰਝੂ ਵਹਾਅ ਰਹੇ ਹਨ, ਪਰ ਇਨ੍ਹਾਂ ਆਗੂਆਂ ਨੂੰ ਬਰਨਾਲਾ ਵਿਚ ਸਫ਼ਾਈ ਸੇਵਕਾਂ ‘ਤੇ ਪੁਲਿਸ ਵਲੋਂ ਬੇਰਹਿਮੀ ਨਾਲ ਕੀਤੇ ਗਏ ਲਾਠੀਚਾਰਜ ਦਾ ਵੀ ਜਵਾਬ ਦੇਣਾ ਚਾਹੀਦਾ ਹੈ | ਇਹ ਗੱਲ ਰਾਣਾ ਗੁਰਜੀਤ ਸਿੰਘ ਕਾਂਗਰਸ ਵਿਧਾਇਕ ਹਲਕਾ ਕਪੂਰਥਲਾ ਨੇ ਇਕ ਬਿਆਨ ਵਿਚ ਕਹੀ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜਿਹੜੇ ਸਫ਼ਾਈ ਕਰਮਚਾਰੀ ਆਪਣਾ ਖ਼ੂਨ ਪਸੀਨਾ ਇਕ ਕਰਕੇ ਸ਼ਹਿਰਾਂ ਦੀ ਸਫ਼ਾਈ ਤੇ ਲੋਕ ਸੇਵਾ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਾ ਮੰਨ ਕੇ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਲਾਠੀ ਨਾਲ ਦਬਾਉਣਾ ਚਾਹੁੰਦੀ ਹੈ | ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਕਾਂਗਰਸ ਵਿਧਾਇਕ ਨੇ ਕਿਹਾ ਕਿ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਮੁਲਾਜ਼ਮਾਂ ਤੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣੇ ਤੇ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢੇ | ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਦੋਗਲੀ ਨੀਤੀ ਅਪਣਾਉਣ ਦਾ ਦੋਸ਼ ਲਗਾਇਆ ਤੇ ਕਿਹਾ ਕਿ ਸਰਕਾਰ ਪੰਜਾਬ ਵਿਚ ਹੱਕ ਮੰਗਦੇ ਮੁਲਾਜ਼ਮਾਂ ਨੂੰ ਡਰਾਉਣ ਤੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਰਾਣਾ ਗੁਰਜੀਤ ਸਿੰਘ ਨੇ ਪੰਜਾਬ ਨਗਰ ਪਾਲਿਕਾ ਕਰਮਚਾਰੀ ਸੰਗਠਨ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ ਤੇ ਕਿਹਾ ਕਿ ਉਹ ਸਫ਼ਾਈ ਸੇਵਕਾਂ ਤੇ ਨਗਰ ਪਾਲਿਕਾ ਕਰਮਚਾਰੀਆਂ ਦੇ ਹੱਕਾਂ ਦੀ ਲੜਾਈ ਵਿਚ ਉਨ੍ਹਾਂ ਦਾ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣਗੇ | ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੀ ਸੇਵਾ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣਨਾ ਤੇ ਉਨ੍ਹਾਂ ਦਾ ਸਨਮਾਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ | ਕਾਂਗਰਸ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਹਰ ਕੰਮ ਤੇ ਹਰ ਫ਼ੈਸਲੇ ਨੂੰ ਬਹੁਤ ਗੰਭੀਰਤਾ ਨਾਲ ਦੇਖ ਰਹੇ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਵਲੋਂ ਅਪਣਾਈ ਜਾ ਰਹੀ ਦੋਗਲੀ ਨੀਤੀ ਦਾ ਹਿਸਾਬ ਲੈਣਗੇ |