ਭੁਲੱਥ, 23 ਜੁਲਾਈ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਪੰਜਾਬ ਭਰ ਦੇ ਡੀ.ਸੀ. ਦਫ਼ਤਰਾਂ, ਤਹਿਸੀਲ ਅਤੇ ਸਬ-ਤਹਿਸੀਲ ਕਰਮਚਾਰੀਆਂ ਵੱਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ 23 ਤੋਂ 26 ਜੁਲਾਈ ਤੱਕ ‘ਕਲਮ ਛੱਡੋ–ਕੰਪਿਊਟਰ ਬੰਦ’ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਇਸ ਦੇ ਤਹਿਤ ਤਹਿਸੀਲ ਭੁਲੱਥ ਵਿਖੇ ਵੀ ਕਰਮਚਾਰੀਆਂ ਨੇ ਦਫ਼ਤਰਾਂ ਦਾ ਕੰਮਕਾਜ ਠੱਪ ਕਰਕੇ ਦਰੀ ਵਿਛਾ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਹੜਤਾਲ ਕਾਰਨ ਤਹਿਸੀਲ ਦਫ਼ਤਰਾਂ ਵਿਚ ਕੁਰਸੀਆਂ ਖ਼ਾਲੀ ਰਹੀਆਂ ਅਤੇ ਰੋਜ਼ਾਨਾ ਕੰਮਾਂ ਲਈ ਪਹੁੰਚੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਮੀਟਿੰਗਾਂ ਤਾਂ ਕੀਤੀਆਂ ਜਾ ਰਹੀਆਂ ਹਨ, ਪਰ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ | ਕਰਮਚਾਰੀਆਂ ਨੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਡੀ.ਏ. ਦੀਆਂ ਪੁਰਾਣੀਆਂ ਕਿਸ਼ਤਾਂ, ਖ਼ਾਲੀ ਅਸਾਮੀਆਂ ਨੂੰ ਤਰੱਕੀ ਰਾਹੀਂ ਭਰਨ, ਤਹਿਸੀਲਦਾਰਾਂ ਦੀਆਂ ਤਰੱਕੀਆਂ ਦੇ ਨਿਯਮਾਂ ਵਿਚ ਸੋਧ, ਨਵੀਆਂ ਅਸਾਮੀਆਂ ਦੀ ਰਚਨਾ ਅਤੇ ਅੰਤਰ-ਜ਼ਿਲ੍ਹਾ ਬਦਲੀਆਂ ਸਮੇਤ ਹੋਰ ਲੰਬਿਤ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਜਲਦ ਕੋਈ ਫ਼ੈਸਲਾ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਹੜਤਾਲ ਦੌਰਾਨ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਦੀ ਪੰਜਾਬ ਸਰਕਾਰ ਜ਼ਿੰਮੇਵਾਰ ਹੈ | ਇਸ ਮੌਕੇ ਤਰਸੇਮ ਸਿੰਘ, ਤਾਰਾ ਸਿੰਘ, ਰਵੀ ਕੁਮਾਰ, ਕਰਮਵੀਰ ਸਿੰਘ, ਆਂਚਲ, ਸੁਨੀਲ ਕੁਮਾਰ, ਪਰਮਜੀਤ ਕੌਰ, ਰਾਧਾ ਰਾਣੀ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ |