ਸੁਲਤਾਨਪੁਰ ਲੋਧੀ, 24 ਜੁਲਾਈ (ਨਰੇਸ਼ ਹੈਪੀ)-ਬਰਨਾਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਬਹੁਜਨ ਸਮਾਜ ਪਾਰਟੀ (ਅੰਬੇਡਕਰ) ਦੇ ਕੌਮੀ ਜਰਨੈਲ ਸਕੱਤਰ ਬਲਵੰਤ ਸਿੰਘ ਸੁਲਤਾਨਪੁਰੀ ਨੇ ਖੁੱਲ੍ਹੇ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਆਪਣੇ ਬਿਆਨ ਵਿਚ ਬਲਵੰਤ ਸਿੰਘ ਸੁਲਤਾਨਪੁਰੀ ਨੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ‘ਤੇ ਲਾਠੀਚਾਰਜ ਕਰਨਾ ਬਹੁਤ ਹੀ ਮੰਦਭਾਗਾ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਵਿਰੁੱਧ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਕਰਨਾ ਚਾਹੀਦਾ ਹੈ, ਨਾ ਕਿ ਜ਼ਬਰਦਸਤੀ ਅਤੇ ਦਮਨਕਾਰੀ ਕਾਰਵਾਈਆਂ ਰਾਹੀਂ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲਾਠੀਚਾਰਜ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜ਼ਖ਼ਮੀ ਸਫ਼ਾਈ ਸੇਵਕਾਂ ਨੂੰ ਇਨਸਾਫ਼ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ | ਉਨ੍ਹਾਂ ਕਿਹਾ ਕਿ ਬਸਪਾ (ਅੰਬੇਡਕਰ) ਹਮੇਸ਼ਾ ਮਜ਼ਦੂਰਾਂ, ਮੁਲਾਜ਼ਮਾਂ ਅਤੇ ਦੱਬੇ-ਕੁਚਲੇ ਵਰਗਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਸੰਘਰਸ਼ ਵਿਚ ਨਾਲ ਖੜ੍ਹੀ ਰਹੇਗੀ |