ਹੁਸੈਨਪੁਰ, 25 ਜੁਲਾਈ (ਤਰਲੋਚਨ ਸਿੰਘ ਸੋਢੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਬੰਦਾ ਸਿੰਘ ਬਹਾਦਰ ਕਪੂਰਥਲਾ ਦੀ ਸਾਂਝੀ ਮੀਟਿੰਗ ਹੋਈ | ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕਪੂਰਥਲਾ ਦੇ ਸਕੱਤਰ ਸ਼ੇਰ ਸਿੰਘ ਮਹੀਂਵਾਲ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਜੋਗਾ ਸਿੰਘ ਨੇ ਸਾਂਝੇ ਤੌਰ ਤੇ ਵੱਡੀ ਗਿਣਤੀ ਵਿਚ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀ ਵਲੋਂ ਸਮੂਹ ਕਿਸਾਨਾਂ ਦੇ ਸਹਿਯੋਗ ਨਾਲ ਕੇਂਦਰ ਦੀ ਮੋਦੀ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਗਏ ਫ਼ਰੀ ਡੀਲ ਸਮਝੌਤੇ ਨੂੰ ਰੱਦ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਰਕਾਰ ਦੀ ਲੈਂਡ ਪੁਲਿੰਗ ਨੀਤੀ ਦਾ ਵੀ ਡਟ ਕੇ ਵਿਰੋਧ ਕੀਤਾ ਜਾਵੇਗਾ ਜਦਕਿ ਬਿਜਲੀ ਸੋਧ ਬਿੱਲ 2025 ਨੂੰ ਰੱਦ ਕਰਨ ਦੀ ਵੀ ਮੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀਆਂ ਸਰਕਾਰਾਂ ਨੌਜਵਾਨ ਵਰਗ ਨੂੰ ਰੁਜ਼ਗਾਰ ਦੇਣ ਦੀ ਥਾਂ ਡਾਂਗਾਂ ਮਾਰ ਰਹੀ ਹੈ | ਪਰ ਇਸ ਦਾ ਖ਼ਮਿਆਜ਼ਾ ਸਮੇਂ ਦੀਆਂ ਸਰਕਾਰਾਂ ਨੂੰ ਜ਼ਰੂਰ ਭੁਗਤਣਾ ਪਵੇਗਾ | ਉਨ੍ਹਾਂ ਸਰਕਾਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਕਿਸਾਨਾਂ ਮਜ਼ਦੂਰਾਂ ਅਤੇ ਨੌਜਵਾਨਾਂ ਤੇ ਤਸ਼ੱਦਦ ਹੁੰਦਾ ਰਿਹਾ ਤਾਂ ਸਮੂਹ ਜਥੇਬੰਦੀਆਂ ਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ | ਉਨ੍ਹਾਂ ਬਰਨਾਲਾ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦੇ ਨਰੇਗਾ ਮਜ਼ਦੂਰਾਂ ਤੇ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਜੇਕਰ ਪੀੜਤ ਪਰਿਵਾਰਾਂ ਨਾਲ ਸਰਕਾਰ ਨੇ ਇਨਸਾਫ਼ ਨਾ ਕੀਤਾ ਤਾਂ ਮਜਬੂਰਨ ਜਥੇਬੰਦੀ ਨੂੰ ਨਰੇਗਾ ਮਜ਼ਦੂਰਾਂ ਦੇ ਹੱਕ ਵਿਚ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਵੇਗਾ | ਇਸੇ ਦੌਰਾਨ ਪਿੰਡ ਪੰਧੇਰ ਦੀ ਨਵੀਂ ਇਕਾਈ ਦਾ ਗਠਨ ਕੀਤਾ ਗਿਆ | ਜਿਸ ਦੌਰਾਨ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਂਵਾਲ, ਜ਼ਿਲ੍ਹਾ ਮੀਤ ਪ੍ਰਧਾਨ ਜੋਗਾ ਸਿੰਘ, ਜ਼ੋਨ ਖ਼ਜ਼ਾਨਚੀ ਸਰਬਜੀਤ ਸਿੰਘ ਦੀ ਅਗਵਾਈ ਹੇਠ ਇਕਾਈ ਪ੍ਰਧਾਨ ਤੀਰਥ ਸਿੰਘ, ਸਕੱਤਰ ਗੁਰਬਖ਼ਸ਼ ਸਿੰਘ, ਖ਼ਜ਼ਾਨਚੀ ਜਸਵੰਤ ਸਿੰਘ ਤੋਂ ਇਲਾਵਾ 29 ਮੈਂਬਰੀ ਟੀਮ ਦੀ ਚੋਣ ਕੀਤੀ ਗਈ |
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਬੰਦਾ ਸਿੰਘ ਬਹਾਦਰ ਦੇ ਮੈਂਬਰਾਂ ਦੀ ਸਾਂਝੀ ਮੀਟਿੰਗ
ਅਜੀਤ ਡੈਸਕ
26-07-2026