ਸੁਲਤਾਨਪੁਰ ਲੋਧੀ, 26 ਜੁਲਾਈ (ਨਰੇਸ਼ ਹੈਪੀ)- ਸੁਲਤਾਨਪੁਰ ਲੋਧੀ ਦੇ ਪਿੰਡ ਕਾਲਰੂ ਵਿਖੇ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਇਕ ਸ਼ਰਾਬ ਦੇ ਠੇਕੇ ‘ਤੇ ਕੰਮ ਕਰਨ ਵਾਲੇ ਕਰਿੰਦੇ ਵਲੋਂ ਕਥਿਤ ਤੌਰ ‘ਤੇ ਜ਼ਹਿਰੀਲੀ ਦਵਾਈ ਨਿਗਲ ਲਈ | ਜ਼ਹਿਰੀਲੀ ਦਵਾਈ ਨਿਗਲਣ ਵਾਲੇ ਨੌਜਵਾਨ ਦੀ ਪਛਾਣ ਹਰਮਨ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਕਾਲਰੂ ਵਜੋਂ ਹੋਈ ਹੈ, ਜਿਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ, ਸੁਲਤਾਨਪੁਰ ਲੋਧੀ ਪਹੁੰਚਾਇਆ ਗਿਆ | ਜਾਣਕਾਰੀ ਅਨੁਸਾਰ ਹਰਮਨ ਅਤੇ ਉਸ ਦੇ ਪਿਤਾ ਜਸਵੰਤ ਸਿੰਘ ਨੇ ਦੋਸ਼ ਲਗਾਇਆ ਕਿ ਉਹ ਇਕ ਠੇਕੇਦਾਰ ਕੋਲ ਕਰਿੰਦੇ ਵਜੋਂ ਕੰਮ ਕਰਦਾ ਹੈ ਅਤੇ ਪਿਛਲੇ ਦੋ ਮਹੀਨਿਆਂ ਤੋਂ ਉਸ ਦੀ ਤਨਖ਼ਾਹ ਨਹੀਂ ਦਿੱਤੀ ਗਈ | ਉਸ ਨੇ ਕਥਿਤ ਤੌਰ ‘ਤੇ ਦੋਸ਼ ਲਗਾਇਆ ਕਿ ਠੇਕੇਦਾਰ ਦੇ ਪੁੱਤਰ ਵੱਲੋਂ ਉਸ ਨੂੰ ਲਗਾਤਾਰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਸਨ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ | ਹਰਮਨ ਵੱਲੋਂ ਬਣਾਈ ਗਈ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਉਸ ਨੇ ਕਥਿਤ ਤੌਰ ‘ਤੇ ਆਪਣੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਹਲਕੇ ਵਿਚ ਐਕਸਪਾਇਰ ਹੋ ਚੁੱਕੀ ਸ਼ਰਾਬ ਦੀ ਸਪਲਾਈ ਕੀਤੀ ਜਾ ਰਹੀ ਹੈ | ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਸੂਚਨਾ ਮਿਲਣ ਤੇ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਹਰਮਨ ਵੱਲੋਂ ਆਪਣੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਠੇਕੇਦਾਰ ਨੂੰ ਮੌਕੇ ‘ਤੇ ਬੁਲਾਇਆ ਗਿਆ | ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਹਰਮਨ ਨੂੰ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ ਟਿੱਬਾ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਅੱਗੇ ਰੈਫ਼ਰ ਕਰ ਦਿੱਤਾ | ਸੁਲਤਾਨਪੁਰ ਲੋਧੀ ਦੇ ਇੱਕ ਨਿੱਜੀ ਹਸਪਤਾਲ ਵਿਖੇ ਉਸ ਦਾ ਇਲਾਜ ਚੱਲ ਰਿਹਾ ਹੈ | ਇਸ ਮਾਮਲੇ ਸਬੰਧੀ ਠੇਕੇਦਾਰ ਨੇ ਓ ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਝੁਠਲਾਉਂਦੇ ਹੋਏ ਕਿਹਾ ਕਿਹਾ ਕਿ ਉਨ੍ਹਾਂ ਕੋਲ 250 ਤੋਂ 300 ਦੇ ਕਰੀਬ ਵਰਕਰ ਕੰਮ ਕਰਦੇ ਹਨ ਅਤੇ ਅੱਜ ਤੱਕ ਕਿਸੇ ਵੀ ਕਰਮਚਾਰੀ ਵੱਲੋਂ ਇਸ ਤਰ੍ਹਾਂ ਦੀ ਕੋਈ ਸ਼ਿਕਾਇਤ ਨਹੀਂ ਕੀਤੀ ਗਈ | ਉਨ੍ਹਾਂ ਸਪਸ਼ਟ ਕਿਹਾ ਕਿ ਪੁਲਿਸ ਜਾਂਚ ਤੋਂ ਬਾਅਦ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਵੇਗਾ | ਉੱਧਰ ਥਾਣਾ ਸੁਲਤਾਨਪੁਰ ਲੋਧੀ ਦੇ ਐਸ.ਐਚ.ਓ. ਸਬ ਇੰਸਪੈਕਟਰ ਦਵਿੰਦਰ ਪਾਲ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕਾਲਰੂ ਵਿਖੇ ਸਥਿਤ ਸ਼ਰਾਬ ਦੇ ਠੇਕੇ ਨੂੰ ਅੰਦਰੋਂ ਤਾਲਾ ਲਗਾ ਕੇ ਇੱਕ ਵਿਅਕਤੀ ਨੇ ਕਬਜ਼ਾ ਕੀਤਾ ਹੋਇਆ ਹੈ | ਪੁਲਿਸ ਟੀਮ ਜਦੋਂ ਮੌਕੇ ‘ਤੇ ਪਹੁੰਚੀ ਤਾਂ ਹਰਮਨ ਨਾਲ ਗੱਲਬਾਤ ਕੀਤੀ ਗਈ ਅਤੇ ਉਸ ਨੂੰ ਸਮਝਾਇਆ ਗਿਆ ਕਿ ਜੇਕਰ ਕੋਈ ਸਮੱਸਿਆ ਹੈ ਤਾਂ ਪੁਲਿਸ ਨੂੰ ਦੱਸਿਆ ਜਾਵੇ | ਐਸ.ਐਚ.ਓ. ਨੇ ਦੱਸਿਆ ਕਿ ਪੁਲਿਸ ਕੋਲ ਮੌਕੇ ਦੀ ਵੀਡੀਓ ਰਿਕਾਰਡਿੰਗ ਵੀ ਮੌਜੂਦ ਹੈ | ਉਨ੍ਹਾਂ ਕਿਹਾ ਕਿ ਹਰਮਨ ਵੱਲੋਂ ਠੇਕੇਦਾਰ ਨੂੰ ਬੁਲਾਉਣ ਲਈ ਕਿਹਾ ਗਿਆ ਸੀ ਤਾਂ ਜੋ ਮਾਮਲਾ ਸੁਲਝਾਇਆ ਜਾ ਸਕੇ | ਜਦੋਂ ਠੇਕੇਦਾਰ ਮੌਕੇ ‘ਤੇ ਪਹੁੰਚਿਆ ਤਾਂ ਹਰਮਨ ਵੱਲੋਂ ਕਥਿਤ ਤੌਰ ‘ਤੇ ਦਵਾਈ ਨਿਗਲ ਲਈ ਗਈ ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਉਸ ਨੂੰ ਹਸਪਤਾਲ ਪਹੁੰਚਾਇਆ | ਐਸ.ਐਚ.ਓ. ਦਵਿੰਦਰ ਪਾਲ ਨੇ ਕਿਹਾ ਕਿ ਇਸ ਸਮੇਂ ਹਰਮਨ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਐਕਸਪਾਇਰ ਸ਼ਰਾਬ ਦੀ ਸਪਲਾਈ ਸਬੰਧੀ ਅਜੇ ਤੱਕ ਪੁਲਿਸ ਨੂੰ ਕੋਈ ਲਿਖਤੀ ਸ਼ਿਕਾਇਤ ਪ੍ਰਾਪਤ ਨਹੀਂ ਹੋਈ ਹੈ | ਜੇਕਰ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ |
ਠੇਕੇ ਦੇ ਕਰਿੰਦੇ ਨੇ ਕਥਿਤ ਤੌਰ ’ਤੇ ਨਿਗਲੀ ਜ਼ਹਿਰੀਲੀ ਦਵਾਈ
ਅਜੀਤ ਡੈਸਕ
27-07-2026