ਫਗਵਾੜਾ, 27 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਨ ਸਭਾ ਹਲਕਾ ਫਗਵਾੜਾ (ਸ਼ਹਿਰੀ) ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਪੰਜਾਬ ਦੇ ਲੋਕਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਗੱਫੇ ਮਿਲਦੇ ਸਨ, ਜਦਕਿ ਅੱਜ ਭਗਵੰਤ ਮਾਨ ਸਰਕਾਰ ਦੇ ਰਾਜ ਵਿਚ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਲੋਕਾਂ ਨੂੰ ਲਾਠੀਆਂ ਤੇ ਧੱਕੇ ਮਿਲ ਰਹੇ ਹਨ | ਖੁਰਾਣਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ‘ਤੇ ਲਾਠੀਚਾਰਜ ਕੀਤਾ ਗਿਆ, ਮਨਰੇਗਾ ਕਾਮਿਆਂ ਨਾਲ ਧੱਕੇਸ਼ਾਹੀ ਕੀਤੀ ਗਈ ਅਤੇ ਹੁਣ ਬਰਨਾਲਾ ਵਿਚ ਸਫ਼ਾਈ ਸੇਵਕਾਂ ‘ਤੇ ਜਿਸ ਤਰ੍ਹਾਂ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ ਹੈ, ਉਹ ਬਹੁਤ ਹੀ ਨਿੰਦਣਯੋਗ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ | ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਸ਼ਾਂਤਮਈ ਢੰਗ ਨਾਲ ਸਰਕਾਰ ਅੱਗੇ ਰੱਖਣ ਦਾ ਸੰਵਿਧਾਨਕ ਅਧਿਕਾਰ ਹੈ, ਪਰ ਮੌਜੂਦਾ ਸਰਕਾਰ ਹਰ ਆਵਾਜ਼ ਨੂੰ ਦਬਾਉਣ ਲਈ ਪੁਲਿਸ ਦਾ ਸਹਾਰਾ ਲੈ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਕਿਸਾਨ, ਮੁਲਾਜ਼ਮ, ਮਜ਼ਦੂਰ, ਨੌਜਵਾਨ, ਵਪਾਰੀ ਅਤੇ ਆਮ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ |