ਸਿਵਲ ਸਰਜਨ ਨੇ ਕਾਲਾ ਸੰਘਿਆਂ ਤੇ ਸੁਲਤਾਨਪੁਰ ਲੋਧੀ ਹਸਪਤਾਲਾਂ ਦੀ ਕੀਤੀ ਜਾਂਚ
ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਮੁੜ ਤਿੰਨ ਦਿਨਾਂ ਹੜਤਾਲ ਦਾ ਐਲਾਨ
5, 6 ਤੇ 7 ਅਗਸਤ ਨੂੰ ਕਲਮ ਛੋੜ ਹੜਤਾਲ, ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਵੇਗਾ ਹੋਰ ਤੇਜ਼– ਅੰਮਿ੍ਤਪਾਲ ਸਿੰਘ
ਭੁਲੱਥ, 4 ਅਗਸਤ (ਮਨਜੀਤ ਸਿੰਘ ਰਤਨ)-ਸੂਬੇ ਭਰ ਦੇ ਡੀ. ਸੀ.
ਭੁਲੱਥ, 4 ਅਗਸਤ (ਮਨਜੀਤ ਸਿੰਘ ਰਤਨ)-ਸੂਬੇ ਭਰ ਦੇ ਡੀ.ਸੀ. ਦਫ਼ਤਰਾਂ, ਐੱਸ.ਡੀ.ਐਮ. ਦਫ਼ਤਰਾਂ ਅਤੇ ਤਹਿਸੀਲ ਦਫ਼ਤਰਾਂ ਦੇ ਕਰਮਚਾਰੀਆਂ ਨੇ 5, 6 ਅਤੇ 7 ਅਗਸਤ ਨੂੰ ਤਿੰਨ ਦਿਨਾਂ ਦੀ ਕਲਮ ਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਹੈ | ਇਸ ਦੌਰਾਨ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਕਾਜ ਪ੍ਰਭਾਵਿਤ ਰਹਿਣਗੇ | ਤਹਿਸੀਲ ਭੁਲੱਥ ਦੇ ਕਰਮਚਾਰੀਆਂ ਵੱਲੋਂ ਵੀ ਇਸ ਹੜਤਾਲ ਨੂੰ ਪੂਰਾ ਸਮਰਥਨ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੀ ਤਾਲਮੇਲ ਕਮੇਟੀ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ਨੂੰ ਕਾਮਯਾਬ ਬਣਾਉਣ ਲਈ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਆਨਲਾਈਨ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ | ਉਨ੍ਹਾਂ ਦੱਸਿਆ ਕਿ 5 ਅਤੇ 6 ਅਗਸਤ ਨੂੰ ਜ਼ਿਲ੍ਹਾ ਪੱਧਰ ‘ਤੇ ਕਲਮ ਛੋੜ ਅਤੇ ਕੰਪਿਊਟਰ ਬੰਦ ਕਰਕੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ, ਜਦਕਿ 7 ਅਗਸਤ ਨੂੰ ਸਮੂਹ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਮਹਾਂ ਰੈਲੀ ਵਿਚ ਸ਼ਮੂਲੀਅਤ ਕਰਨਗੇ | ਅੰਮਿ੍ਤਪਾਲ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਗਈ, 18 ਫ਼ੀਸਦੀ ਮਹਿੰਗਾਈ ਭੱਤਾ (ਡੀ.ਏ.) ਜਾਰੀ ਨਹੀਂ ਕੀਤਾ ਗਿਆ, ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਅਤੇ ਹੋਰ ਕਈ ਅਹਿਮ ਮੰਗਾਂ ਵੀ ਅਜੇ ਤੱਕ ਅਧੂਰੀਆਂ ਹਨ | ਉਨ੍ਹਾਂ ਇਹ ਵੀ ਕਿਹਾ ਕਿ 17 ਜੁਲਾਈ 2020 ਅਤੇ 15 ਜਨਵਰੀ 2015 ਦੇ ਪੱਤਰ ਰੱਦ ਕਰਨ ਸਮੇਤ ਹੋਰ ਮੰਗਾਂ ਵੀ ਸਰਕਾਰ ਵੱਲੋਂ ਪੂਰੀਆਂ ਨਹੀਂ ਕੀਤੀਆਂ ਗਈਆਂ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਨਹੀਂ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਹੜਤਾਲ ਦਾ ਘੇਰਾ ਵੀ ਵਧਾਇਆ ਜਾਵੇਗਾ |