ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦਾ ਜਨਮ ਦਿਹਾੜਾ 15 ਨੂੰ ਉਤਸ਼ਾਹ ਨਾਲ ਮਨਾਇਆ ਜਾਵੇਗਾ-ਸ਼ਾਹ, ਪ੍ਰਧਾਨ
ਸੁਲਤਾਨਪੁਰ ਲੋਧੀ, 6 ਅਗਸਤ (ਥਿੰਦ)-ਬ੍ਰਹਮ ਗਿਆਨੀ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦਾ ਜਨਮ ਦਿਹਾੜਾ 15 ਅਗਸਤ ਨੂੰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਪੁਰਾਣਾ ਵਿਖੇ ਸੰਤ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਇਲਾਕੇ ਦੀ ਸੰਗਤ ਵੱਲੋਂ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵਕ ਅਤੇ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਜਥੇਦਾਰ ਗੁਰਦਿਆਲ ਸਿੰਘ ਅਤੇ ਰੈਸਲਿੰਗ ਐਸੋਸੀਏਸ਼ਨ ਕਪੂਰਥਲਾ ਦੇ ਪ੍ਰਧਾਨ ਕੁਲਵੰਤ ਸਿੰਘ ਸ਼ਾਹ ਯੂਐਸਏ ਨੇ ਦੱਸਿਆ ਕਿ ਸੰਤ ਬਾਬਾ ਹਰਜੀਤ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਇਲਾਕੇ ਦੀ ਸੰਗਤ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ 13 ਅਗਸਤ ਨੂੰ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 15 ਅਗਸਤ ਨੂੰ ਸਵੇਰੇ 9 ਵਜੇ ਪਾਏ ਜਾਣਗੇ |ਇਸ ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਅਤੇ ਢਾਡੀ ਜਥੇ ਜਿਨ੍ਹਾਂ ਵਿਚ ਭਾਈ ਕੁਲਵੰਤ ਸਿੰਘ,ਭਾਈ ਗਗਨਦੀਪ ਸਿੰਘ, ਕਵੀਸ਼ਰੀ ਜਥਾ ਭਾਈ ਤਰਸੇਮ ਸਿੰਘ ਮੰਡ ਅਤੇ ਭਾਈ ਮਨਬੀਰ ਸਿੰਘ ਐਮ ਏ ਦਾ ਜਥਾ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਜੋੜੇਗਾ |ਇਸ ਮੌਕੇ ਸੰਗਤਾਂ ਲਈ ਮਾਹਲ ਪੂੜੇ, ਮਠਿਆਈਆਂ ਦੇ ਅਟੁੱਟ ਲੰਗਰ ਵਰਤਾਏ ਜਾਣਗੇ | ਵੱਖ ਵੱਖ ਸੇਵਾ ਸੁਸਾਇਟੀਆਂ ਵੱਲੋਂ ਲੰਗਰ, ਪਾਰਕਿੰਗ , ਜੋੜਿਆਂ ਦੀ ਸੇਵਾ ਕੀਤੀ ਜਾਵੇਗੀ | ਇਸ ਮੌਕੇ ਕੁਲਵੰਤ ਸਿੰਘ ਸ਼ਾਹ ਯੂ ਐਸ ਏ ਨੇ ਦੱਸਿਆ ਕਿ ਅਮਰੀਕਾ ਵਿਚ ਵੀ ਠੱਟਾ ਟਿੱਬਾ ਇਲਾਕੇ ਦੀ ਸੰਗਤ ਵੱਲੋਂ ਮਹਾਨ ਤਪੱਸਵੀ ਤੇ ਬ੍ਰਹਮ ਗਿਆਨੀ ਬਾਬਾ ਬੀਰ ਸਿੰਘ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਜਾਵੇਗਾ |