ਪੇਪਰ ਲੀਕ ਮਾਮਲਿਆਂ ਦੀ ਜ਼ਿੰਮੇਵਾਰੀ ਤੈਅ ਕਰਕੇ ਸੰਬੰਧਿਤ ਮੰਤਰੀਆਂ ’ਤੇ ਕਾਰਵਾਈ ਕਰੇ ‘ਆਪ’ ਸਰਕਾਰ-ਕੁਲਦੀਪ ਸਿੰਘ ਟਾਂਡੀ
ਨਡਾਲਾ, 10 ਅਗਸਤ (ਰਘਬਿੰਦਰ ਸਿੰਘ)-ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਟਾਂਡੀ ਨੇ ਪੰਜਾਬ ਵਿਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਾਹਮਣੇ ਆਏ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ | ਉਨ੍ਹਾਂ ਕਿਹਾ ਕਿ ਵਾਰ-ਵਾਰ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਨੇ ਪੰਜਾਬ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਹੈ |ਟਾਂਡੀ ਨੇ ਕਿਹਾ ਕਿ ਸਰਕਾਰੀ ਭਰਤੀ ਅਤੇ ਪ੍ਰੀਖਿਆ ਪ੍ਰਣਾਲੀ ਵਿਚ ਪਾਰਦਰਸ਼ਤਾ ਬਣਾਈ ਰੱਖਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੁੰਦੀ ਹੈ, ਪਰ ਪੇਪਰ ਲੀਕ ਦੀਆਂ ਘਟਨਾਵਾਂ ਨੇ ਸਰਕਾਰ ਦੇ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਘਟਨਾਵਾਂ ਕਾਰਨ ਲੱਖਾਂ ਵਿਦਿਆਰਥੀਆਂ ਨੂੰ ਮਾਨਸਿਕ ਪ੍ਰੇਸ਼ਾਨੀ ਅਤੇ ਬੇਭਰੋਸਗੀ ਦਾ ਸਾਹਮਣਾ ਕਰਨਾ ਪਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੌਜਵਾਨਾਂ ਦੇ ਭਵਿੱਖ ਪ੍ਰਤੀ ਸੱਚਮੁੱਚ ਗੰਭੀਰ ਹੈ ਤਾਂ ਪੇਪਰ ਲੀਕ ਮਾਮਲਿਆਂ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ |