ਕੌਂਸਲਰ ਅਨੁਰਾਗ ਮਨਖੰਡ ਬਣੇ ਮਾਰਕੀਟ ਕਮੇਟੀ ਦੇ ਚੇਅਰਮੈਨ
ਫਗਵਾੜਾ, 23 ਅਗਸਤ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਚੇਅਰਮੈਨਾਂ ਦੀ ਸੂਚੀ ‘ਚ ਇੱਥੋਂ ਦੇ ਨੌਜਵਾਨ ਆਗੂ ਅਨੁਰਾਗ ਕੁਮਾਰ ਮਾਨਖੰਡ ਨੂੰ ਫਗਵਾੜਾ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਕੌਂਸਲਰ ਮਾਨਖੰਡ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਸਮੇਤ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਨੇ ਜਿਸ ਭਰੋਸੇ ਨਾਲ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ‘ਤੇ ਪੂਰਾ ਉੱਤਰਨ ਲਈ ਹਰ ਸੰਭਵ ਯਤਨ ਕਰਨਗੇ | ਉਨ੍ਹਾਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਤੇ ਮਾਰਕੀਟ ਕਮੇਟੀ ਨਾਲ ਜੁੜੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਤੇ ਫਗਵਾੜਾ ਖੇਤਰ ‘ਚ ਖੇਤੀਬਾੜੀ ਤੇ ਵਪਾਰਕ ਗਤੀਵਿਧੀਆਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ | ਕੌਂਸਲਰ ਅਨੁਰਾਗ ਕੁਮਾਰ ਮਨਖੰਡ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਾਏ ਜਾਣ ਨੂੰ ਆਮ ਆਦਮੀ ਪਾਰਟੀ ਦੀ ਸਿਆਸੀ ਰਣਨੀਤੀ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ |