‘ਆਪ’ ਦੇ ਸੂਬਾ ਸੰਯੁਕਤ ਸਕੱਤਰ ਗੁਰਪਾਲ ਸਿੰਘ ਇੰਡੀਅਨ ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਬਣੇ ਕਿਹਾ-ਹਾਈ ਕਮਾਂਡ ਵਲੋਂ ਦਿੱਤੀ ਜ਼ਿੰਮੇਵਾਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਵਾਂਗਾ
ਕਪੂਰਥਲਾ, 23 ਅਗਸਤ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਸੂਬਾਈ ਸੰਯੁਕਤ ਸਕੱਤਰ ਗੁਰਪਾਲ ਸਿੰਘ ਇੰਡੀਅਨ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਮਾਰਕੀਟ ਕਮੇਟੀ ਕਪੂਰਥਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਗੁਰਪਾਲ ਸਿੰਘ ਇੰਡੀਅਨ ਨੇ ਆਪਣੀ ਮਾਰਕੀਟ ਕਮੇਟੀ ਦੀ ਚੇਅਰਮੈਨ ਵਜੋਂ ਨਿਯੁਕਤੀ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ, ਆਪ ਦੇ ਸੂਬਾਈ ਪ੍ਰਧਾਨ ਅਮਨ ਅਰੋੜਾ, ਦੁਆਬਾ ਜ਼ੋਨ ਦੇ ਇੰਚਾਰਜ ਸੰਦੀਪ ਸੈਣੀ ਤੇ ਆਪ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਤੇ ਪਾਰਟੀ ਹਾਈ ਕਮਾਂਡ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਹ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਹਰ ਸੰਭਵ ਮਦਦ ਕਰਨਗੇ | ਨਵਨਿਯੁਕਤ ਚੇਅਰਮੈਨ ਨੇ ਕਿਹਾ ਕਿ ਉਹ ਮਾਰਕੀਟ ਕਮੇਟੀ ਦੇ ਕੰਮ ਵਿਚ ਪਾਰਦਰਸ਼ਤਾ ਲਿਆਉਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹਨ ਜਿਸ ਤਹਿਤ ਆਮ ਘਰਾਂ ਦੇ ਧੀਆਂ ਪੁੱਤਾਂ ਤੇ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਵੱਡੇ ਅਹੁਦੇ ਨਿਵਾਜ ਕੇ ਉਨ੍ਹਾਂ ਦਾ ਮਾਣ ਸਤਿਕਾਰ ਕਰ ਰਹੇ ਹਨ | ਇੱਥੇ ਜ਼ਿਕਰਯੋਗ ਹੈ ਕਿ ਗੁਰਪਾਲ ਸਿੰਘ ਇੰਡੀਅਨ ਆਮ ਆਦਮੀ ਪਾਰਟੀ ਵਿਚ ਕਾਰਜਸ਼ੀਲ ਰਹਿ ਕੇ ਪਿਛਲੇ ਲੰਬੇ ਅਰਸੇ ਤੋਂ ਮਹੱਤਵਪੂਰਨ ਅਹੁਦੇ ‘ਤੇ ਕੰਮ ਕਰ ਚੁੱਕੇ ਹਨ |