ਵਪਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ-ਅਨਿਲ ਠਾਕੁਰ
ਕਪੂਰਥਲਾ, 24 ਅਗਸਤ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਪਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਬੁਨਿਆਦੀ ਢਾਂਚੇ ਨੂੰ ਜੁੜੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਨਿਲ ਠਾਕੁਰ ਉਪ ਚੇਅਰਮੈਨ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਐਸ. ਐਸ.
ਕਪੂਰਥਲਾ, 24 ਅਗਸਤ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਪਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਬੁਨਿਆਦੀ ਢਾਂਚੇ ਨੂੰ ਜੁੜੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਨਿਲ ਠਾਕੁਰ ਉਪ ਚੇਅਰਮੈਨ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਐਸ.ਐਸ.ਪੀ. ਗੌਰਵ ਤੂਰਾ ਤੇ ਕਮਿਸ਼ਨ ਦੇ ਮੈਂਬਰ ਹਰਿੰਦਰ ਮਨੋਚਾ ਤੇ ਕੰਵਰ ਇਕਬਾਲ ਸਿੰਘ ਦੀ ਮੌਜੂਦਗੀ ਵਿਚ ਜ਼ਿਲ੍ਹਾ ਪੱਧਰੀ ਟਰੇਡਰਜ਼ ਕਮਿਸ਼ਨ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਵਪਾਰਕ ਬਾਜ਼ਾਰਾਂ ਵਿਚ ਲੰਮੇ ਸਮੇਂ ਤੋਂ ਬਾਥਰੂਮਾਂ ਦੀ ਉਸਾਰੀ ਤੇ ਮੁਰੰਮਤ, ਸੀਵਰੇਜ ਸਬੰਧੀ ਸਮੱਸਿਆਵਾਂ, ਪੀਣ ਵਾਲਾ ਸਾਫ਼ ਪਾਣੀ, ਸੜਕਾਂ ਦੀ ਉਸਾਰੀ ਤੇ ਮੁਰੰਮਤ, ਬਿਜਲੀ ਦੀਆਂ ਲਟਕਦੀਆਂ ਤਾਰਾਂ ਸਮੇਤ ਹੋਰ ਸਮੱਸਿਆਵਾਂ ਦੇ ਨਿਪਟਾਰੇ ਲਈ ਕਮਿਸ਼ਨ ਵਲੋਂ ਵਿਕਾਸ ਕੰਮ ਕਰਵਾਏ ਜਾਣਗੇ ਜਿਸ ਨਾਲ ਵਪਾਰੀਆਂ ਤੇ ਆਮ ਲੋਕਾਂ ਨੂੰ ਵੱਡਾ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਟਰੇਡਰਜ਼ ਕਮਿਸ਼ਨ ਦੀ ਅਗਵਾਈ ਵਿਚ ਰਾਜ ਭਰ ਵਿਚ ਵਪਾਰੀਆਂ ਨਾਲ ਜ਼ਿਲ੍ਹਾ ਪੱਧਰੀ ਟਰੇਡਰਜ਼ ਕਮਿਸ਼ਨ ਵਲੋਂ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ ਤੇ ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸਥਾਨਕ ਪੱਧਰ ‘ਤੇ ਸਮੱਸਿਆਵਾਂ ਦੇ ਨਿਪਟਾਰੇ ਦੇ ਨਾਲ-ਨਾਲ ਸੂਬਾ ਪੱਧਰ ‘ਤੇ ਕਈ ਮਹੱਤਵਪੂਰਨ ਫ਼ੈਸਲੇ ਕਰਵਾਏ ਗਏ ਹਨ | ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ, ਵਪਾਰਕ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਤੇ ਬਾਜ਼ਾਰਾਂ ਦੇ ਸਰਬਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ | ਮੀਟਿੰਗ ਵਿਚ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਕਿ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਸ਼ਿਕਾਇਤ ਨਿਵਾਰਣ ਪੋਰਟਲ ‘ਤੇ ਵਪਾਰੀਆਂ ਵਲੋਂ ਦਰਜ ਕਰਵਾਏ ਮਸਲਿਆਂ ਦੇ ਹੱਲ ਲਈ ਫੰਡਾਂ ਦੀ ਕੋਈ ਘਾਟ ਨਹੀਂ ਤੇ ਸਬੰਧਿਤ ਵਿਭਾਗਾਂ ਨੂੰ ਪੰਜਾਬ ਸਰਕਾਰ ਤੋਂ ਵਿੱਤੀ ਸਹਾਇਤਾ ਦੀ ਲੋੜ ਵਾਲੇ ਕੰਮਾਂ ਲਈ ਤੁਰੰਤ ਤਜਵੀਜ਼ਾਂ ਭੇਜਣ ਦੀ ਹਦਾਇਤ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਬਿਜਲੀ ਦੀਆਂ ਲਟਕਦੀਆਂ ਤਾਰਾਂ, ਸੁੰਦਰੀਕਰਨ ਤੇ ਹੋਰ ਮਸਲਿਆਂ ਦੇ ਹੱਲ ਲਈ ਜ਼ਿਲ੍ਹੇ ਵਿਚ ਲੋੜੀਂਦੇ ਫ਼ੰਡ ਉਪਲਬਧ ਹਨ | ਜੇਕਰ ਕਿਸੇ ਵਪਾਰੀ ਨੂੰ ਕਿਸੇ ਤਰ੍ਹਾਂ ਦੀਆਂ ਸਮੱਸਿਆ ਜਾਂ ਸਹਾਇਤਾ ਦੀ ਲੋੜ ਹੋਵੇ ਤਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 01822-233777 ‘ਤੇ ਸੰਪਰਕ ਕਰਕੇ ਜਾਂ ਖ਼ੁਦ ਦਫ਼ਤਰ ਆ ਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ | ਮੀਟਿੰਗ ਵਿਚ ਹਾਜ਼ਰ ਐਸ.ਐਸ.ਪੀ. ਗੌਰਵ ਤੂਰਾ ਨੇ ਕਿਹਾ ਕਿ ਵਪਾਰੀਆਂ ਨੂੰ ਆ ਰਹੀ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਸਥਾਨਕ ਵਪਾਰੀਆਂ ਨਾਲ ਗੱਲਬਾਤ ਕਰਕੇ ਇਕ ਸਥਾਈ ਤੇ ਢੁਕਵਾਂ ਹੱਲ ਕੱਢਿਆ ਜਾਵੇਗਾ | ਉਨ੍ਹਾਂ ਜ਼ਿਲ੍ਹਾ ਪੁਲਿਸ ਵਲੋਂ ਵਪਾਰੀਆਂ ਦੀ ਸੁਰੱਖਿਆ ਤੇ ਹਰ ਸੰਭਵ ਸਹਾਇਤਾ ਕਰਨ ਦਾ ਵਿਸ਼ਵਾਸ ਦਿਵਾਇਆ | ਮੀਟਿੰਗ ਵਿਚ ਸਹਾਇਕ ਕਮਿਸ਼ਨਰ ਰਵਿੰਦਰ ਅਰੋੜਾ, ਸੁਸ਼ੀਲ ਬੌਵੀ ਚੰਮ ਚੇਅਰਮੈਨ ਹਲਕਾ ਫਗਵਾੜਾ, ਲਕਸ਼ ਚੌਧਰੀ ਚੇਅਰਮੈਨ ਹਲਕਾ ਭੁਲੱਥ, ਜਰਨੈਲ ਸਿੰਘ ਮਰਵਾਹਾ ਹਲਕਾ ਸੁਲਤਾਨਪੁਰ ਲੋਧੀ ਤੇ ਰਮਨ ਮਲਹੋਤਰਾ ਚੇਅਰਮੈਨ ਹਲਕਾ ਕਪੂਰਥਲਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |