ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ.ਏ. ਦੇਣ ਦੀ ਥਾਂ ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ਦਾ ਰੁੱਖ ਕਰਨਾ ਬੇਹੱਦ ਮੰਦਭਾਗਾ-ਯੁਵਰਾਜ ਭੁਪਿੰਦਰ ਸਿੰਘ
ਭੁਲੱਥ, 4 ਸਤੰਬਰ (ਮਨਜੀਤ ਸਿੰਘ ਰਤਨ)-ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬਣਦਾ ਮਹਿੰਗਾਈ ਭੱਤਾ (ਡੀ. ਏ.)
ਭੁਲੱਥ, 4 ਸਤੰਬਰ (ਮਨਜੀਤ ਸਿੰਘ ਰਤਨ)-ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬਣਦਾ ਮਹਿੰਗਾਈ ਭੱਤਾ (ਡੀ.ਏ.) ਦੇਣ ਦੀ ਬਜਾਏ ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ਦਾ ਰੁਖ਼ ਕਰਨਾ ਬੇਹੱਦ ਮੰਦਭਾਗਾ ਹੈ| ਇਹ ਪ੍ਰਗਟਾਵਾ ਅਕਾਲੀ ਨੇਤਾ ਅਤੇ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਨੇ ਸਖ਼ਤ ਇਤਰਾਜ਼ ਜਤਾਉਂਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਦਾ ਫ਼ਰਜ਼ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਹੱਕ ਸਮੇਂ ਸਿਰ ਦੇਣਾ ਹੈ, ਨਾ ਕਿ ਹੱਕਾਂ ਦੀ ਅਦਾਇਗੀ ਤੋਂ ਬਚਣ ਲਈ ਅਦਾਲਤੀ ਲੜਾਈ ਲੜਨੀ | ਯੁਵਰਾਜ ਭੁਪਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਦੇ ਇਸ ਕਦਮ ਤੋਂ ਸਪਸ਼ਟ ਹੁੰਦਾ ਹੈ ਕਿ ਉਹ ਫ਼ਿਲਹਾਲ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਤੋਂ ਟਾਲਾ ਵੱਟ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਮੰਨਣੀਆਂ ਚਾਹੀਦੀਆਂ ਹਨ | ਯੁਵਰਾਜ ਭੁਪਿੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ 18 ਫ਼ੀਸਦੀ ਡੀ.ਏ. ਬਿਨਾਂ ਕਿਸੇ ਹੋਰ ਦੇਰੀ ਦੇ ਤੁਰੰਤ ਜਾਰੀ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਅਦਾਲਤਾਂ ਦੇ ਦਰਵਾਜ਼ੇ ਖੜਕਾਉਣ ਤੋਂ ਰਾਹਤ ਦਿੱਤੀ ਜਾਵੇ |