ਚੱਬੇਵਾਲ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਕੇ ਸ਼ਹਿਰ ਦੇ ਵਿਕਾਸ ਲਈ 10 ਕਰੋੜ ਦੀ ਗ੍ਰਾਂਟ ਮੰਗੀ
ਫਗਵਾੜਾ, 15 ਸਤੰਬਰ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਫਗਵਾੜਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ 10 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਸੜਕਾਂ, ਬੁਨਿਆਦੀ ਢਾਂਚੇ ਤੇ ਨਾਗਰਿਕ ਸਹੂਲਤਾਂ ਨੂੰ ਬਿਹਤਰ ਬਣਾਉਣ ਸਮੇਤ ਲੰਮੇ ਸਮੇਂ ਤੋਂ ਲਟਕਦੇ ਵਿਕਾਸ ਕਾਰਜ ਕਰਵਾਏ ਜਾ ਸਕਣਗੇ | ਇਸ ਤੋਂ ਬਾਅਦ ਉਨ੍ਹਾਂ ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਘਨਸ਼ਿਆਮ ਥੋਰੀ ਨਾਲ ਮੁਲਾਕਾਤ ਕੀਤੀ ਤੇ ਕਈ ਮੁੱਦੇ ਰੱਖੇ | ਉਨ੍ਹਾਂ ਵਪਾਰਕ ਜ਼ਮੀਨ ਲਈ ਚੇਂਜ ਆਫ਼ ਲੈਂਡ ਯੂਜ਼ ਚਾਰਜਿਜ਼ ਨੂੰ ਜਾਇਜ਼ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਵੱਧ ਚਾਰਜਿਜ਼ ਕਾਰੋਬਾਰੀਆਂ ‘ਤੇ ਮਾੜਾ ਪ੍ਰਭਾਵ ਪਾ ਰਹੇ ਹਨ | ਉਨ੍ਹਾਂ ਨਗਰ ਨਿਗਮ ‘ਚ ਸਫ਼ਾਈ ਸੇਵਕਾਂ ਦੀਆਂ ਖ਼ਾਲੀ ਅਸਾਮੀਆਂ ਭਰਨ ਲਈ ਵਿਸ਼ੇਸ਼ ਪ੍ਰਵਾਨਗੀ ਦਾ ਮੁੱਦਾ ਉਠਾਇਆ | ਉਨ੍ਹਾਂ ਦੱਸਿਆ ਕਿ 26 ਅਗਸਤ ਦੇ ਨੋਟੀਫ਼ਿਕੇਸ਼ਨ ਅਨੁਸਾਰ 134 ਸਫ਼ਾਈ ਸੇਵਕਾ ਨੂੰ ਇਨਸੋਰਸ ਕਰਨ ਦੀ ਪ੍ਰਕਿਰਿਆ ਪਹਿਲਾ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਤੇ ਇਸ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਕਮੇਟੀ ਵੀ ਬਣਾਈ ਗਈ ਹੈ | ਇਸ ਤੋਂ ਇਲਾਵਾ ਉਨ੍ਹਾਂ ਨਿਗਮ ਲਈ ਵਾਧੂ ਦਫ਼ਤਰੀ ਸਟਾਫ਼ ਤੇ ਫਗਵਾੜਾ ’ਚ ਆਮ ਆਦਮੀ ਕਲੀਨਿਕ ਲਈ ਜਗ੍ਹਾ ਅਲਾਟ ਕਰਨ ਦੀ ਪ੍ਰਵਾਨਗੀ ਦੀ ਵੀ ਮੰਗ ਕੀਤੀ |