ਦਾਣਾ ਮੰਡੀਆਂ ’ਚ ਝੋਨੇ ਦੀ ਆਮਦ ਤੇਜ਼, ਸਰਕਾਰੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ
ਭੁਲੱਥ, 21 ਸਤੰਬਰ (ਮਨਜੀਤ ਸਿੰਘ ਰਤਨ)-ਦਾਣਾ ਮੰਡੀਆਂ ’ਚ ਝੋਨੇ ਦੀ ਆਮਦ ਲਗਾਤਾਰ ਤੇਜ਼ ਹੋ ਰਹੀ ਹੈ, ਪਰ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨ ਆਪਣੀ ਫ਼ਸਲ ਨੂੰ ਲੈ ਕੇ ਮੰਡੀਆਂ ਵਿਚ ਪਹੁੰਚ ਰਹੇ ਹਨ, ਪਰ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਉਨ੍ਹਾਂ ਨੂੰ ਆਪਣੀ ਫ਼ਸਲ ਦੀ ਵਿਕਰੀ ਸੰਬੰਧੀ ਚਿੰਤਾ ਬਣੀ ਹੋਈ ਹੈ | ਮੰਡੀ ਵਿਚ ਰੋਜ਼ਾਨਾ ਝੋਨੇ ਦੀਆਂ ਟਰਾਲੀਆਂ ਪਹੁੰਚਣ ਕਾਰਨ ਆਉਣ ਵਾਲੇ ਦਿਨਾਂ ਵਿਚ ਆਮਦ ਹੋਰ ਵਧਣ ਦੀ ਸੰਭਾਵਨਾ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਫ਼ਸਲ ਦੀ ਕਟਾਈ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜੇਕਰ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਨਾ ਕੀਤੀ ਗਈ ਤਾਂ ਮੰਡੀਆਂ ਵਿਚ ਝੋਨੇ ਦੇ ਢੇਰ ਲੱਗ ਸਕਦੇ ਹਨ | ਕਿਸਾਨਾਂ ਨੇ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਤੋਂ ਮੰਗ ਕੀਤੀ ਹੈ ਕਿ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਪ੍ਰਬੰਧ ਤੁਰੰਤ ਚਾਲੂ ਕੀਤਾ ਜਾਵੇ ਅਤੇ ਫ਼ਸਲ ਦੀ ਖ਼ਰੀਦ, ਤੋਲ ਅਤੇ ਲਿਫ਼ਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਿਸੇ ਕਿਸਮ ਦੀ ਖ਼ੱਜਲ-ਖ਼ੁਆਰੀ ਨਾ ਝੱਲਣੀ ਪਵੇ | ਕਿਸਾਨਾਂ ਨੇ ਇਹ ਵੀ ਮੰਗ ਕੀਤੀ ਕਿ ਮੰਡੀ ਵਿਚ ਪੀਣ ਵਾਲੇ ਪਾਣੀ, ਸਫ਼ਾਈ, ਬਾਰਦਾਨੇ ਅਤੇ ਹੋਰ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਰੱਖੇ ਜਾਣ ਤਾਂ ਜੋ ਝੋਨੇ ਦੀ ਆਮਦ ਵਧਣ ‘ਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ |