ਪ੍ਰਗਟ ਸਿੰਘ ਦੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਨ ਨਾਲ ਵਰਕਰਾਂ ਨੂੰ ਨਵੀਂ ਊਰਜਾ ਮਿਲੇਗੀ-ਪ੍ਰੋ. ਟਿੱਬਾ
ਸੁਲਤਾਨਪੁਰ ਲੋਧੀ,3 ਅਕਤੂਬਰ (ਪ. ਪ.
ਸੁਲਤਾਨਪੁਰ ਲੋਧੀ,3 ਅਕਤੂਬਰ (ਪ.ਪ. ਰਾਹੀਂ)-ਸੂਬੇ ਦੀ ਰਾਜਨੀਤੀ ਵਿਚ ਇਕ ਜ਼ਹੀਨ, ਪੰਜਾਬ-ਪੱਖੀ ਅਤੇ ਸੰਜੀਦਾ ਸ਼ਖ਼ਸੀਅਤ ਮੰਨੇ ਜਾਂਦੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਪ੍ਰੋ ਬਲਜੀਤ ਸਿੰਘ ਸਾਬਕਾ ਸਰਪੰਚ ਟਿੱਬਾ ਨੇ ਕਿਹਾ ਕਿ ਹਾਈ ਕਮਾਂਡ ਨੇ ਸਮੇਂ ਦੀ ਨਜ਼ਾਕਤ ਨੂੰ ਸਮਝਦਿਆਂ ਸਹੀ ਫ਼ੈਸਲਾ ਲਿਆ ਹੈ, ਜਿਸ ਨਾਲ ਕਾਂਗਰਸ ਪਾਰਟੀ ਨੂੰ 2027 ਦੀਆਂ ਚੋਣਾਂ ਵਿਚ ਉਨ੍ਹਾਂ ਦੇ ਸਿਆਸੀ ਤਜਰਬੇ ਦਾ ਫ਼ਾਇਦਾ ਹੋਵੇਗਾ | ਉਨ੍ਹਾਂ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪ੍ਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਦਿੱਤੇ ਜਾਣ ਨਾਲ ਕਾਂਗਰਸੀ ਵਰਕਰਾਂ ਨੂੰ ਨਵੀਂ ਊਰਜਾ ਮਿਲੇਗੀ | ਉਨ੍ਹਾਂ ਨੇ ਕਿਹਾ ਕਿ ਪ੍ਰਗਟ ਸਿੰਘ ਨੇ ਹਮੇਸ਼ਾ ਪੰਜਾਬ ਨਾਲ ਜੁੜੇ ਮੁੱਦਿਆਂ ਉੱਤੇ ਆਪਣੀ ਵਜ਼ਨਦਾਰ ਬੇਬਾਕ ਬੋਲਣੀ ਰਾਹੀਂ ਆਵਾਜ਼ ਉਠਾਈ ਹੈ | ਉਹ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਹਨ ਅਤੇ 1988, 1992 ਤੇ 1996 ਉਲੰਪਿਕ ਵਿਚ ਭਾਰਤ ਦੀ ਨੁਮਾਇੰਦਗੀ ਕਰ ਚੁੱਕੇ ਹਨ | ਉਨ੍ਹਾਂ ਨੂੰ ‘ਅਰਜੁਨ ਅਵਾਰਡ’ ਤੇ ‘ਪਦਮ ਸ਼੍ਰੀ’ ਵਰਗੇ ਵੱਕਾਰੀ ਪੁਰਸਕਾਰ ਮਿਲੇ ਹੋਏ ਹਨ | ਉਨ੍ਹਾਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪ੍ਰਗਟ ਸਿੰਘ ਦੀ ਅਗਵਾਈ ਹੇਠ ਸ਼ਾਨਦਾਰ ਪ੍ਰਦਰਸ਼ਨ ਕਰੇਗੀ |