ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਪਾਵਨ ਨਗਰੀ ਦੀ ਨੁਹਾਰ ਬਦਲੀ ਜਾਵੇਗੀ-ਰਾਜੀਵ ਧੀਰ ਵਾਰਡ ਨੰਬਰ 6 ਵਿਖੇ ਗਲੀ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਸੁਲਤਾਨਪੁਰ ਲੋਧੀ, 4 ਅਕਤੂਬਰ (ਨਰੇਸ਼ ਹੈਪੀ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਪਾਵਨ ਨਗਰੀ ਸੁਲਤਾਨਪੁਰ ਲੋਧੀ ਦਾ ਸਰਬਪੱਖੀ ਵਿਕਾਸ ਬਿਨਾਂ ਕਿਸੇ ਭੇਦ ਭਾਵ ਕਰਵਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇ ਕੌਂਸਲਰ ਰਾਜੀਵ ਧੀਰ ਨੇ ਸਥਾਨਕ ਵਾਰਡ ਨੰਬਰ 6 ਦੇ ਮਹੱਲਾ ਧੀਰਾਂ ਵਿਖੇ ਪੱਕੀ ਗਲੀ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਾਰੇ ਸ਼ਹਿਰ ਵਿਚ ਆਮ ਆਦਮੀ ਪਾਰਟੀ ਵੱਲੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਰਾਣੇ ਧੜੇ ਨਾਲ ਸੰਬੰਧਿਤ ਨਗਰ ਕੌਂਸਲ ਦੇ ਪ੍ਰਧਾਨ ਅਤੇ ਉਨ੍ਹਾਂ ਦੇ ਸਾਥੀ ਕੌਂਸਲਰ ਇਸ ਦਾ ਸਿਹਰਾ ਆਪਣੇ ਸਿਰ ਲੈਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੀ ਸ਼ੁਰੂਆਤ ਮੌਕੇ ਦਿਨ ਚੜ੍ਹਦੇ ਹੀ ਰਾਣੇ ਧੜੇ ਦੇ ਕੌਂਸਲਰ ਤੇ ਸਮਰਥਕ ਫ਼ੋਟੋ ਖਿਚਵਾ ਕੇ ਨਗਰ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਕਿ ਵਿਕਾਸ ਕਾਰਜ ਉਹ ਕਰਵਾ ਰਹੇ ਹਨ ਜਦਕਿ ਇਸ ਵਿਚ ਕੋਈ ਵੀ ਸੱਚਾਈ ਨਹੀਂ ਹੈ | ਉਨ੍ਹਾਂ ਕਿਹਾ ਕਿ ਆਪ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਾਵਨ ਨਗਰੀ ਦੀਆਂ ਸਮੂਹ ਸੜਕਾਂ ਬਣ ਕੇ ਤਿਆਰ ਹੋ ਜਾਣਗੀਆਂ | ਇਸ ਮੌਕੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਦਿਨੇਸ਼ ਧੀਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਸਿਹਰਾ ਕਿਸੇ ਦੂਸਰੇ ਨੂੰ ਲੈਣ ਦਾ ਕੋਈ ਹੱਕ ਨਹੀਂ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਜਤਿੰਦਰ ਸੇਠੀ ਤੇ ਗੁਰਵਿੰਦਰ ਕੌਰ, ਸਾਬਕਾ ਕੌਂਸਲਰ ਵਿੱਕੀ ਚੌਹਾਨ ਤੇ ਰਜਿੰਦਰ ਸਿੰਘ, ਪ੍ਰਧਾਨ ਸੁਰਿੰਦਰ ਸ਼ਿੰਦਾ, ਦੀਪਕ ਕੁਮਾਰ ਦੀਪੂ, ਛਿੰਦਰਪਾਲ ਆਦਿ ਵੀ ਹਾਜ਼ਰ ਸਨ |