ਲਿੱਟਾਂ ਵਲੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਖੇਧੀ
ਨਡਾਲਾ/ਭੁਲੱਥ, 14 ਅਕਤੂਬਰ (ਰਘਬਿੰਦਰ ਸਿੰਘ, ਮਨਜੀਤ ਸਿੰਘ ਰਤਨ)-ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ, ਬਲਾਕ ਨਡਾਲਾ ਦੇ ਪ੍ਰਧਾਨ ਜੋਗਾ ਸਿੰਘ ਇਬਰਾਹੀਮਵਾਲ ਅਤੇ ਬਲਾਕ ਬੇਗੋਵਾਲ ਦੇ ਪ੍ਰਧਾਨ ਨਿਰਮਲ ਸਿੰਘ ਮੰਡ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਬੇਹੱਦ ਮੰਦਭਾਗੀ ਅਤੇ ਨਿੰਦਣਯੋਗ ਹੈ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਵਿਚ ਤਾਂ ਨਾਕਾਮ ਰਹੀ ਹੀ ਹੈ, ਸਗੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਵੀ ਅਸਫਲ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ |