ਜ਼ਿਲ੍ਹੇ ਵਿਚ 4.25 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਕਰਕੇ ਕਿਸਾਨਾਂ ਨੂੰ 986.29 ਕਰੋੜ ਰੁਪਏ ਕੀਤੇ ਅਦਾ
ਕਪੂਰਥਲਾ, 18 ਅਕਤੂਬਰ (ਸਡਾਨਾ)-ਜ਼ਿਲ੍ਹੇ ਵਿਚ ਹੁਣ ਤੱਕ ਖ਼ਰੀਦੇ ਗਏ ਝੋਨੇ ਦੀ ਕਿਸਾਨਾਂ ਨੂੰ 986. 29 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਕੁੱਲ 4,36,835 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ | ਜਿਸ ਵਿਚੋਂ 4,25853 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਝੋਨੇ ਦੀ ਲਿਫ਼ਟਿੰਗ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤੇ ਕਿਹਾ ਕਿ ਅਨਾਜ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਤੇ ਇਸਦੇ ਪ੍ਰਬੰਧ ਮਾਰਕੀਟ ਕਮੇਟੀ ਦੇ ਅਧਿਕਾਰੀ ਯਕੀਨੀ ਬਣਾਉਣ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖ਼ਰੀਦ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਜਾਂ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨਿਰਧਾਰਿਤ ਮਾਪਦੰਡਾਂ ਅਨੁਸਾਰ ਲੈ ਕੇ ਆਉਣ ਤਾਂ ਜੋ ਖ਼ਰੀਦ ਵਿਚ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ ਤੇ ਉਨ੍ਹਾਂ ਨੂੰ ਅਦਾਇਗੀ ਵੀ ਸਮੇਂ ਸਿਰ ਹੋਵੇ |