ਕਪੂਰਥਲਾ, 3 ਨਵੰਬਰ (ਅਮਰਜੀਤ ਕੋਮਲ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਮੁੱਖ ਰੱਖਦਿਆਂ ਸੰਵੇਦਨਸ਼ੀਲ ਰਿਪੋਰਟ ਤਿਆਰ ਕਰਨ ਲਈ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਦੀ ਅਗਵਾਈ ਹੇਠ ਵਰਚੂਅਲ ਮੀਟਿੰਗ ਹੋਈ। ਜਿਸ ’ਚ ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼ਿਖਾ ਭਗਤ, ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟ ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਸਮੂਹ ਸੈਕਟਰ ਅਫ਼ਸਰ (ਸਿਵਲ/ਪੁਲਿਸ) ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਸ਼ ਬਾਂਸਲ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਜਾਰੀ ਮਾਪਦੰਡਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਉਪ ਮੰਡਲ ਮੈਜਿਸਟਰੇਟ ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਆਪੋ ਆਪਣੇ ਇਲਾਕੇ ਦੀਆਂ ਰਿਪੋਰਟ ਇਕੱਤਰ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣਗੇ ਤਾਂ ਜੋ ਚੋਣਾਂ ਨੂੰ ਅਮਨ ਅਮਾਨ ਨਾਲ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਡ਼੍ਹਾਉਣ ਲਈ ਸਮੇਂ ਸਿਰ ਸਾਰੇ ਲੋਡ਼ੀਂਦੇ ਪ੍ਰਬੰਧ ਕੀਤੇ ਜਾ ਸਕਣ।