ਪੰਜਾਬ ਦੇ ਮੁਲਾਜ਼ਮ 2027 ’ਚ ‘ਆਪ’ ਨੂੰ ਸੱਤਾ ਤੋਂ ਲਾਂਭੇ ਕਰ ਦੇਣਗੇ–ਸੁਖਜੀਤ ਸਿੰਘ ਡਿੰਪੀ
ਜਲੰਧਰ, 18 ਨਵੰਬਰ (ਜਤਿੰਦਰ ਪੰਮੀ)-ਸੀ. ਪੀ.
ਜਲੰਧਰ, 18 ਨਵੰਬਰ (ਜਤਿੰਦਰ ਪੰਮੀ)-ਸੀ. ਪੀ. ਐੱਫ਼. ਕਰਮਚਾਰੀ ਯੂਨੀਅਨ ਪੰਜਾਬ ਵਲੋਂ ਆਮ ਆਦਮੀ ਪਾਰਟੀ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਪੰਜ ਸਾਲ ਬਾਅਦ ਵੀ ਲਾਗੂ ਨਾ ਕਰਨ ਦੇ ਰੋਸ ਵਜੋਂ ਸੂਬੇ ਭਰ ਵਿੱਚ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਸਾੜੇ ਗਏ। ਇਸ ਮੌਕੇ ਸਮੂਹ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਤੇ ਮੰਗਾਂ ਨਾ ਮੰਨੇ ਜਾਣ ਕਾਰਨ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਤੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਪਰ ਅੱਜ ਤੱਕ ਵੀ ਪੰਜਾਬ ਦੇ ਮੁਲਾਜ਼ਮਾਂ ਉੱਪਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ ਗਈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਸੂਬਾ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਕਤ ਆਗੂਆਂ ਨੇ ਕਿਹਾ ਕਿ ਇਸ ਬਾਰੇ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਵੀ ਹੋਈਆਂ ਹਨ ਪਰ ਸਰਕਾਰ ਵਲੋਂ ਹਰ ਮੀਟਿੰਗ ’ਚ ਟਾਲ-ਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ 2027 ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਜਿਸ ਵਿੱਚ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਵੋਟਾਂ ਉਸ ਪਾਰਟੀ ਨੂੰ ਪੈਣਗੀਆਂ ਜੋ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰੇਗੀ। ਇੱਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਬਾਹਰ ਕੀਤੇ ਗਏ ਪੁਤਲਾ ਫੂਕ ਮੁਜ਼ਾਹਰੇ ਦੌਰਾਨ ਯੂਨੀਅਨ ਦੇ ਖਜ਼ਾਨਚੀ ਅਮਨਦੀਪ ਸਿੰਘ, ਰਵਿੰਦਰ ਕੁਮਾਰ ਸੀਨੀਅਰ ਮੀਤ ਪ੍ਰਧਾਨ, ਮੁਨੀਸ਼ ਸੈਣੀ, ਰਣਜੀਤ ਰਾਵਤ, ਪਵਨ ਕੁਮਾਰ, ਕਿਰਪਾਲ ਸਿੰਘ, ਦਵਿੰਦਰ ਭੱਟੀ, ਗੁਰਵਿੰਦਰਪਾਲ ਸਿੰਘ, ਮੁਨੀਸ਼ ਮੱਕੜ, ਰਵੀ ਕੁਮਾਰ, ਜਸਵਿੰਦਰ ਰੱਲ, ਸੁਖਵਿੰਦਰ ਸਿੰਘ, ਬਲਜੀਤ ਕੁਮਾਰ, ਅਸ਼ੋਕ ਕੁਮਾਰ, ਮਨਪ੍ਰਰੀਤ ਕੁਮਾਰ, ਪਵਨ ਕੁਮਾਰ, ਮਹੇਸ਼ ਨਾਰੰਗ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਮੌਜੂਦ ਸਨ।